ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਨੇ ਕਿਹਾ ਹੈ ਕਿ ਬੇਅਦਬੀ ਮਾਮਲਿਆਂ ਦੇ ਕੇਸ ਸੀ. ਬੀ. ਆਈ. ਤੋਂ ਵਾਪਸ ਲੈਣ ਲਈ ਪੰਜਾਬ ਸਰਕਾਰ ਵਲੋਂ ਸਿਰਫ ਡਰਾਮਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ਤਾਂ ਸੀ. ਬੀ. ਆਈ. ਕੋਲ ਗਏ ਹੀ ਨਹੀਂ। ਫੂਲਕਾ ਨੇ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਆਪਣੇ ਮੋਬਾਇਲ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਉਸ ਬਿਆਨ ਦੀ ਆਡੀਓ ਸੁਣਾਈ, ਜਿਸ 'ਚ ਕੈਪਟਨ ਖੁਦ ਇਹ ਗੱਲ ਕਹਿ ਰਹੇ ਹਨ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਕੇਸ ਸੀ. ਬੀ. ਆਈ. ਨੂੰ ਨਹੀਂ ਦਿੱਤੇ ਗਏ ਹਨ।
ਫੂਲਕਾ ਨੇ ਕਿਹਾ ਕਿ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜੇਕਰ 15 ਸਤੰਬਰ ਤੱਕ ਬੇਅਦਬੀ ਮਾਮਲਿਆਂ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਡੀ. ਜੀ. ਪੀ. 'ਤੇ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਅਸਤੀਫਾ ਦੇ ਦੇਣਗੇ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਕੋਲ ਕੇਸ ਹੋਣ ਦਾ ਬਹਾਨਾ ਲਾ ਕੇ ਕਾਂਗਰਸ ਨੇ ਨਾ ਸਿਰਫ ਪੰਜਾਬ ਦੇ ਲੋਕਾਂ ਸਗੋਂ ਮੀਡੀਆ ਨੂੰ ਵੀ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 15 ਸਤੰਬਰ ਤੱਕ ਕਾਂਗਰਸ ਦੀ ਕਾਰਵਾਈ ਦੇਖਣਗੇ ਅਤੇ ਜੇਕਰ ਕਾਰਵਾਈ ਨਹੀਂ ਹੁੰਦੀ ਤਾਂ ਉਹ ਆਪਣਾ ਅਸਤੀਫਾ ਸੌਂਪ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੇ 5 ਮੰਤਰੀਆਂ ਨਾਲ ਨੂੰ ਖੁੱਲ੍ਹੇ ਤੌਰ 'ਤੇ ਉਨ੍ਹਾਂ ਨਾਲ ਇਸ ਮਾਮਲੇ ਸਬੰਧੀ ਬਹਿਸ ਦੀ ਵੀ ਚੁਣੌਤੀ ਦਿੱਤੀ ਹੈ।