ਸੁਖਪਾਲ ਖਹਿਰੇ ਨੇ ਠੋਕਿਆ ਭਗਵੰਤ ਮਾਨ

Tags

ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਵਲੋਂ ਸੁਖਪਾਲ ਖਹਿਰਾ ਦੀ ਅਗਵਾਈ ਵਿਚ ਪੰਜਾਬ ਪੈਲੇਸ ਵਿਚ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚਾਹੇ ਹੀ ਦਿੱਲੀ ਵਾਲਿਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਬਣਾ ਦਿੱਤੀ ਹੈ ਅਤੇ ਉਹ ਵੀ ਗੱਲਬਾਤ ਕਰਨ ਲਈ ਤਿਆਰ ਹਨ ਪਰ ਹੁਣ ਗੱਲ ਸਿਰਫ ਬਠਿੰਡਾ ਕਨਵੈਨਸ਼ਨ ਵਿਚ ਪਾਸ ਮਤਿਆਂ ਬਾਰੇ ਹੀ ਹੋਵੇਗੀ ਅਤੇ ਉਹ ਇਨ੍ਹਾਂ ਮਤਿਆਂ ਤੋਂ ਪਿੱਛੇ ਨਹੀਂ ਹਟਣਗੇ।

ਇਸ ਮੀਟਿੰਗ ਨੂੰ ਵਿਧਾਇਕ ਜਗਦੇਵ ਸਿੰਘ ਕਮਾਲੂ, ਨਾਜ਼ਰ ਸਿੰਘ ਮਾਨਸ਼ਾਹੀਆ ਅਤੇ ਨਿਰਮਲ ਸਿੰਘ ਨੇ ਵੀ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਦੇ ਗਲਤ ਫੈਸਲਿਆਂ ਕਾਰਨ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' 20 ਸੀਟਾਂ 'ਤੇ ਸਿਮਟ ਕੇ ਰਹਿ ਗਈ। ਉਨ੍ਹਾਂ ਪਾਰਟੀ ਹਾਈਕਮਾਂਡ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਾਈਕਮਾਂਡ ਨਹੀਂ ਚਾਹੁੰਦੀ ਕਿ ਕੋਈ ਉਨ੍ਹਾਂ ਦੇ ਗਲਤ ਫੈਸਲਿਆਂ ਵਿਰੁੱਧ ਆਵਾਜ਼ ਚੁੱਕੇ। ਇਸ ਮੌਕੇ ਖਹਿਰਾ ਨੇ ਭਗਵੰਤ ਮਾਨ ਨੂੰ ਵੀ ਆਪਣੀ ਕਾਰਗੁਜ਼ਾਰੀ ਸੁਧਾਰਨ ਦੀ ਨਸੀਹਤ ਦਿੱਤੀ।

ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ 17 ਮਹੀਨਿਆਂ ਤੱਕ ਪੰਜਾਬ ਪ੍ਰਧਾਨ ਰਹੇ, ਉਨ੍ਹਾਂ ਨੇ ਪੰਜਾਬ ਅੰਦਰ ਕੋਈ ਕੰਮ ਨਹੀਂ ਕੀਤਾ। ਖਹਿਰਾ ਨੇ ਹਲਕੇ ਦੀ ਵਿਧਾਇਕਾ 'ਤੇ ਵੀ ਨਿਸ਼ਾਨੇ ਸਾਧੇ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਰੁੱਧ ਜਲਦੀ ਹੀ ਇਕ ਸਰਬ ਪਾਰਟੀ ਬੈਠਕ ਸੱਦੀ ਜਾ ਰਹੀ ਹੈ, ਜਿਸ ਵਿਚ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਅਤੇ ਪੰਥਕ ਧਿਰਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ।

ਇਸ ਮੀਟਿੰਗ ਵਿਚ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਦੀ ਜ਼ੋਰਦਾਰ ਮੰਗ ਰੱਖਦਿਆਂ ਕੈਪਟਨ ਸਰਕਾਰ ਨੂੰ ਕੁੱਝ ਸਮੇਂ ਦੀ ਮੋਹਲਤ ਦਿੱਤੀ ਜਾਵੇਗੀ। ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਇਸ ਮਗਰੋਂ ਸਾਰੀਆਂ ਧਿਰਾਂ ਨੂੰ ਲੈ ਕੇ ਪੰਜਾਬ ਅੰਦਰ ਇਕ ਵੱਡਾ ਰੋਸ ਮਾਰਚ ਕੱਢਿਆ ਜਾਵੇਗਾ। ਮੀਟਿੰਗ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।