ਬਾਦਲ ਤੇ ਹਮਲੇ ਦੀ ਸਾਜ਼ਿਸ਼ ਤੇ ਦੇਖੋ ਕੀ ਬੋਲੇ ਸੁਖਬੀਰ

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਗਰਮਖਿਆਲੀਆਂ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਕੰਮ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੁਖਬੀਰ ਬਾਦਲ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਮੁਲਾਕਾਤ ਕਰਨ ਸਮੇਂ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਸਵੇਤ ਮਲਿਕ ਤੇ ਹੋਰ ਸੀਨਅਰ ਆਗੂ ਹਾਜ਼ਰ ਸਨ।

ਸੁਖਬੀਰ ਬਾਦਲ ਨੇ ਇਸ ਮੌਕੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਨਾ ਹੋਵੇ ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੰਗੇ ਮਾਹੌਲ ਵਾਸਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕੁਰਬਾਨੀ ਦੇਣ ਨੂੰ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਉੱਤੇ ਹਮਲਾ ਕਰਨ ਦੀ ਸਾਜ਼ਿਸ਼ ਘੜਨ ਵਾਲੇ ਤਿੰਨ ਜਣੇ ਯੂਟੀ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਏ ਹਨ। ਇਨ੍ਹਾਂ ਦੇ ਤਾਰ ਪੰਜਾਬ ਦੇ ਗਰਮਖਿਆਲੀਆਂ ਨਾਲ ਜੁੜੇ ਹੋਏ ਹਨ। ਇਸ ਨੂੰ ਪੰਜਾਬ ਦੇ ਕਾਂਗਰਸੀ ਗੰਭੀਰਤਾ ਨਾਲ ਨਹੀਂ ਲੈ ਰਹੇ।ਇਸ ਕਾਰਨ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿੱਚ ਫਿਰ ਤੋਂ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਹਿਲਾਂ ਵੀ ਪੰਜਾਬ ਨੂੰ ਬਲਦੀ ਵਿੱਚ ਝੋਕ ਦਿੱਤਾ ਸੀ। ਹੁਣ ਵੀ ਪੰਜਾਬ ਕਾਂਗਰਸ ਇਹ ਕੋਸ਼ਿਸ਼ਾਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਪ੍ਰਕਾਸ਼ ਸਿੰਘ ਬਾਦਲ 'ਤੇ ਹਮਲੇ ਕਰਨ ਦੀ ਸਕੀਮ ਦਾ ਪਰਦਾਫਾਸ਼ ਹੋਣ ਬਾਰੇ ਗ਼ਲਤ ਬਿਆਨੀ ਕਰ ਰਹੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਆਪਕਾਂ ਨੂੰ ਘੱਟ ਤਨਖਾਹਾਂ ਦੇ ਕੇ ਪੰਜਾਬ ਸਰਕਾਰ ਕੀਤੇ ਵਾਅਦੇ ਤੋਂ ਮੁੱਕਰ ਰਹੀ ਹੈ। ਹਰ ਘਰ ਨੌਕਰੀ ਦਾ ਸਰਕਾਰੀ ਵਾਅਦਾ ਕਰਨ ਵਾਲੀ ਸਰਕਾਰ ਹੁਣ ਅਧਿਆਪਕਾਂ ਤੋਂ ਰੁਜ਼ਗਾਰ ਖੋਹਣ ਦੇ ਰਾਹ ਪੈ ਗਈ ਹੈ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਪਰਾਲੀ ਮਾਮਲੇ ਦਾ ਸਰਕਾਰ ਸਹੀ ਹੱਲ ਲੱਭੇ। ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਵੀ ਉਨ੍ਹਾਂ ਨਿਖੇਧੀ ਕੀਤੀ।