ਪੰਜਾਬ ਦੇ ਸਕੂਲ ਵਿੱਚ ਹੋਈ ਸ਼ਰਮਨਾਕ ਕਰਤੂਤ, ਲੜਕੀਆ ਦੇ ਉਤਰਵਾਏ ਕੱਪੜੇ

Tags

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਜ਼ਿਲਕਾ ਦੇ ਇਕ ਸਕੂਲ ਦੇ ਪਖਾਨੇ ਵਿਚ ਸੈਨੇਟਰੀ ਪੈਡ ਮਿਲਣ ਉਪਰੰਤ ਕਥਿਤ ਤੌਰ 'ਤੇ ਕੱਪੜੇ ਉਤਰਵਾ ਕੇ ਲੜਕੀਆਂ ਦੀ ਲਈ ਗਈ ਤਲਾਸ਼ੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ, ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਪੂਰੀ ਹੋਣ ਤੱਕ ਮਾਮਲੇ ਵਿਚ ਮੁਢਲੇ ਤੌਰ 'ਤੇ ਸ਼ਾਮਲ 2 ਅਧਿਆਪਕਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤੱਕ ਇਸ ਮਾਮਲੇ ਦੀ ਮੁਕੰਮਲ ਜਾਂਚ ਕਰਕੇ ਅਗਲੇਰੀ ਲੋੜੀਂਦੀ ਕਾਰਵਾਈ ਕਰਨ ਦੇ ਵੀ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦੇ ਧਿਆਨ ਵਿਚ ਇਹ ਮਾਮਲਾ ਇਕ ਵੀਡੀਓ ਰਾਹੀਂ ਆਇਆ ਜਿਸ ਵਿਚ ਫਾਜ਼ਿਲਕਾ ਜ਼ਿਲੇ ਦੇ ਪਿੰਡ ਕੁੰਦਲ ਦੇ ਲੜਕੀਆਂ ਦੇ ਸਰਕਾਰੀ ਸਕੂਲ ਦੀ ਇਕ ਵਿਦਿਆਰਥਣ ਰੋ-ਰੋ ਕੇ ਸ਼ਿਕਾਇਤ ਕਰ ਰਹੀ ਸੀ ਕਿ ਅਧਿਆਪਕਾਂ ਵੱਲੋਂ ਉਨ੍ਹਾਂ ਦੀ ਸਕੂਲ ਅੰਦਰ ਤਲਾਸ਼ੀ ਲਈ ਗਈ ਹੈ। ਜਾਣਕਾਰੀ ਅਨੁਸਾਰ ਸਕੂਲ ਦੇ ਇਕ ਪਖਾਨੇ ਵਿਚ ਸੈਨੇਟਰੀ ਪੈਡ ਮਿਲਣ ਉਪਰੰਤ ਅਧਿਆਪਕਾਂ ਨੇ ਤਲਾਸ਼ੀ ਰਾਹੀਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਲੜਕੀਆਂ ਵਿਚੋਂ ਕਿਸ ਨੇ ਸੈਨੇਟਰੀ ਪੈਡ ਦੀ ਵਰਤੋਂ ਕੀਤੀ ਹੈ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਅਧਿਆਪਕਾਂ ਨੇ ਲੜਕੀਆਂ ਨੂੰ ਪੈਡ ਦਾ ਨਿਪਟਾਰਾ ਸਹੀ ਢੰਗ ਨਾਲ ਕਰਨ ਬਾਰੇ ਸਮਝਾਉਣ ਦੀ ਬਜਾਏ ਉਨ੍ਹਾਂ ਦੀ ਤਲਾਸ਼ੀ ਲੈਣ ਦਾ ਫੈਸਲਾ ਲਿਆ ਜਿਸ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਫੌਰੀ ਤੌਰ 'ਤੇ ਕਾਰਵਾਈ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਜ਼ਿਲਾ ਸਿੱਖਿਆ ਅਫ਼ਸਰ ਨੂੰ ਇਸ ਸਕੂਲ ਦਾ ਦੌਰਾ ਕਰਨ ਲਈ ਆਖਿਆ ਅਤੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਪਾਸੋਂ ਪੁੱਛਗਿੱਛ ਕਰਕੇ ਦੋਵਾਂ ਅਧਿਆਪਕਾਂ ਦੀ ਸ਼ਮੂਲੀਅਤ ਬਾਰੇ ਪਤਾ ਲਾਉਣ ਲਈ ਵੀ ਆਖਿਆ। ਇਸੇ ਆਧਾਰ 'ਤੇ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪ੍ਰਸ਼ਾਸਕੀ ਆਧਾਰ 'ਤੇ ਇਨ੍ਹਾਂ ਅਧਿਆਪਕਾਂ ਦਾ ਸਕੂਲ ਤੋਂ ਬਾਹਰ ਤਬਾਦਲਾ ਕਰਨ ਦੇ ਹੁਕਮ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਦਿਆਰਥਣਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਰਸਮੀ ਰਿਪੋਰਟ ਹਾਸਲ ਹੋਣ 'ਤੇ ਨਿਯਮਾਂ ਮੁਤਾਬਕ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਨਿੱਜੀ ਤੌਰ 'ਤੇ ਜਾਂਚ ਦੀ ਨਿਗਰਾਨੀ ਕਰਨ ਅਤੇ ਸੋਮਵਾਰ ਤੱਕ ਉਨ੍ਹਾਂ ਨੂੰ ਅੰਤਿਮ ਰਿਪੋਰਟ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਆਖਿਆ ਹੈ।