ਦੀਵਾਲੀ ਮੌਕੇ ਕੈਪਟਨ ਵਲੋਂ ਪੁਲਸ ਨੂੰ ਖਾਸ ਨਿਰਦੇਸ਼

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਗੜਬੜ ਪੈਦਾ ਕਰਨ ਲਈ ਸਰਹੱਦ ਪਾਰਲੀਆਂ ਦੋਖੀ ਸ਼ਕਤੀਆਂ ਦੀ ਸਹਾਇਤਾ ਪ੍ਰਾਪਤ ਕਟੜਪੰਥੀਆਂ ਵੱਲੋਂ ਕੀਤੀਆਂ ਗਈਆਂ ਹਾਲ ਹੀ ਦੀਆਂ ਕੀਤੀਆਂ ਕੋਸ਼ਿਸ਼ਾਂ ਦੀ ਰੋਸ਼ਨੀ 'ਚਦੀਵਾਲੀ ਦੇ ਸਮਾਰੋਹਾਂ ਦੌਰਾਨ ਪੁਲਸ ਨੂੰ ਅਤਿ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਇਥੇ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ 'ਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦੀ ਸਥਿਤੀ ਦਾ ਜ਼ਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕੀਤੇ।

ਇਸ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ/ਸਕੱਤਰ ਸੁਰੇਸ਼ ਕੁਮਾਰ, ਡੀ.ਜੀ.ਪੀ ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ ਇੰਟੈਲੀਜੈਂਸ ਦਿਨਕਰ ਗੁਪਤਾ ਹਾਜ਼ਰ ਸਨ। ਡੀ.ਜੀ.ਪੀ ਨੇ ਵੱਖ-ਵੱਖ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ਅਤੇ ਸੂਬੇ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ 3/4 ਨਵੰਬਰ ਨੂੰ ਪੰਜਾਬ ਪੁਲਸ ਵੱਲੋਂ ਅੰਸਰ ਘਜ਼ਵੱਤ ਉਲ ਹਿੰਦ (ਏ.ਜੀ.ਐਚ) ਦੇ ਅੱਤਵਾਦੀ ਗਿਰੋਹ ਨੂੰ ਖਤਮ ਕੀਤੇ ਜਾਣ ਬਾਰੇ ਵੀ ਮੁੱਖ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੱਤੀ।

ਕੈਪਟਨ ਅਮਰਿੰਦਰ ਸਿੰਘ ਨੇ ਭੀੜ-ਭੜੱਕੇ ਵਾਲੀਆਂ ਮਾਰਕਿਟਾਂ ਆਦਿ ਅਤੇ ਹੋਰ ਮਹੱਤਵਪੂਰਨ ਥਾਵਾਂ 'ਤੇ ਸਖਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ। ਉਨ੍ਹਾਂ ਨੇ ਦੀਵਾਲੀ ਦੇ ਸਮਾਰੋਹ ਦੌਰਾਨ ਉੱਚ ਸੁਰੱਖਿਆ ਵਰਤੇ ਜਾਣ ਲਈ ਸਾਰੇ ਪੁਲਸ ਮੁਲਾਜ਼ਮਾਂ ਨੂੰ ਵਾਪਸ ਸੱਦੇ ਜਾਣ ਵਾਸਤੇ ਵੀ ਡੀ.ਜੀ.ਪੀ ਨੂੰ ਕਿਹਾ। ਮੁੱਖ ਮੰਤਰੀ ਨੇ ਕਿਸੇ ਵੀ ਤਰ੍ਹਾਂ ਦੀ ਗੜਬੜ ਪੈਦਾ ਕਰਨ ਵਾਲੇ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਨ ਵਾਸਤੇ ਵੀ ਡੀ.ਜੀ.ਪੀ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਦੀਵਾਲੀ ਪੂਰੀ ਤਰ੍ਹਾਂ ਸੁਰੱਖਿਅਤ ਬਣਾਉਣਾ ਪੁਲਸ ਦੀ ਜ਼ਿੰਮੇਵਾਰੀ ਹੈ।