ਅੰਮ੍ਰਿਤਸਰ ਰੇਲ ਹਾਦਸੇ 'ਚ ਹੁਣੇ ਹੁਣੇ ਆਈ ਵੱਡੀ ਖ਼ਬਰ, ਸਿੱਧੂ ਜੋੜੇ ਨੂੰ ਝਟਕਾ

Tags

ਬੀਤੀ 19 ਅਕਤੂਬਰ ਨੂੰ ਸ਼ਹਿਰ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਸਬੰਧੀ ਹੁਣ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਮਾਗਮ ਵਿੱਚ ਮੁੱਖ ਮਹਿਮਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੁਸਹਿਰੇ ਮੇਲੇ ਦੌਰਾਨ ਰੇਲਵੇ ਟਰੈਕ 'ਤੇ ਖੜ੍ਹ ਕੇ ਦੁਸਹਿਰਾ ਦੇਖ ਰਹੇ ਸੈਂਕੜੇ ਲੋਕ ਜਲੰਧਰ ਤੋਂ ਆ ਰਹੀ ਡੀਐਮਯੂ ਰੇਲ ਹੇਠਾਂ ਦਰੜੇ ਗਏ ਸਨ, ਜਿਸ ਕਾਰਨ 59 ਜਣਿਆਂ ਦੀ ਮੌਤ ਹੋ ਗਈ ਸੀ।ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ. ਪੁਰਸ਼ਾਰਥਾ ਨੇ ਸਿੱਧੂ ਜੋੜੇ ਨੂੰ ਸੰਮਣ ਜਾਰੀ ਕਰਦਿਆਂ ਭਲਕੇ ਯਾਨੀ ਦੋ ਨਵੰਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ।

ਇਸ ਤੋਂ ਪਹਿਲਾਂ ਡੀਸੀ ਨੇ ਦੁਸਹਿਰਾ ਮੇਲੇ ਦੇ ਪ੍ਰਬੰਧਕ ਤੇ ਸਥਾਨਕ ਕੌਂਸਲਰ ਦੇ ਪੁੱਤਰ ਸੌਰਭ ਮਦਾਨ ਉਰਫ਼ ਮਿੱਠੂ ਅਤੇ ਉਸ ਦੇ ਪੂਰੇ ਪਰਿਵਾਰ ਤੋਂ ਚਾਰ ਘੰਟਿਆਂ ਤਕ ਪੁੱਛਗਿੱਛ ਕੀਤੀ ਸੀ। ਹੁਣ ਤਕ ਕੁੱਲ 75 ਚਸ਼ਮਦੀਦ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ 35 ਕਰਮਚਾਰੀਆਂ ਦੇ ਬਿਆਨ ਕਲਮਬੱਧ ਕੀਤੇ ਜਾ ਚੁੱਕੇ ਹਨ। ਅੰਮ੍ਰਿਤਸਰ ਦੇ ਡੀਸੀ ਨੂੰ ਹਾਦਸੇ ਤੋਂ ਅਗਲੇ ਹੀ ਦਿਨ ਜਾਂਚ ਦੇ ਹੁਕਮ ਦੇ ਦਿੱਤੇ ਗਏ ਸਨ ਅਤੇ ਉਹ ਚਾਰ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਣਗੇ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਮਾਗਮ ਦੀ ਮੁੱਖ ਮਹਿਮਾਨ ਨਵਜੋਤ ਕੌਰ ਸਿੱਧੂ ਤੇ ਪ੍ਰਬੰਧਕ ਸੌਰਭ ਮਦਾਨ ਉਰਫ਼ ਮਿੱਠੂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਅਤੇ ਇਨ੍ਹਾਂ ਖ਼ਿਲਾਫ਼ ਕੇਸ ਚਲਾਉਣ ਸਬੰਧੀ ਦਾਇਰ ਕੀਤੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਸਿੱਧੂ ਦੇ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਹਾਦਸੇ ਲਈ ਜ਼ਿੰਮੇਵਾਰ ਠਹਿਰਾਉਣ ਲਈ ਅੱਡੀ ਚੋਟੀ ਦਾ ਜ਼ੋਰ ਵੀ ਲਾਇਆ ਸੀ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਅੰਮ੍ਰਿਤਸਰ ਸ਼ਹਿਰ ਵਿਚ ਚੱਲ ਰਹੇ ਗੈਰ-ਕਾਨੂੰਨੀ ਨਿਰਮਾਣ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਦੋਸ਼ ਲਗਾਏ ਕਿ ਜੇਕਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਥਿਤ ਭ੍ਰਿਸ਼ਟਾਚਾਰੀ ਨੀਤੀਆਂ ਅਪਣਾ ਕੇ ਸ਼ੁਰੂ ਕਰਵਾਏ ਗੈਰ-ਕਾਨੂੰਨੀ ਨਿਰਮਾਣ ਬੰਦ ਨਾ ਕਰਵਾਏ ਤਾਂ ਉਹ ਸ਼ਹਿਰ ਦੇ ਲੋਕਾਂ ਨੂੰ ਨਾਲ ਲੈ ਕੇ ਸਿੱਧੂ ਵਿਰੁੱਧ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਕਰ ਦੇਣਗੇ, ਜਿਸ ਨਾਲ ਨਿਕਲਣ ਵਾਲੇ ਨਤੀਜਿਆਂ ਲਈ ਸਿੱਧੂ ਪਰਿਵਾਰ ਅਤੇ ਸਥਾਨਕ ਬਾਡੀ ਡਿਪਾਰਟਮੈਂਟ ਦੇ ਅਧਿਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ।