ਮਾਈਕ 'ਤੇ ਖੜ੍ਹ ਕੇ ਰੋ ਪਈ ਹਰਸਿਮਰਤ ਕੌਰ ਬਾਦਲ

Tags

ਲੋਕ ਸਭਾ ਹਲਕਾ ਬਠਿੰਡਾ ਤੋਂ ਤੀਜੀ ਵਾਰ ਜਿੱਤ ਹਾਸਲ ਕਰਨ ਅਤੇ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਹਨ।ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਛਕਿਆ ਅਤੇ ਭਾਂਡਿਆਂ ਦੀ ਸੇਵਾ ਕੀਤੀ ਹੈ।ਹਰਸਿਮਰਤ ਕੌਰ ਬਾਦਲ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਕਰਵਾਇਆ ਗਿਆ ,ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਮੂਲੀਅਤ ਕੀਤੀ ਹੈ।

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਬਣਨ ਤੋਂ ਬਾਅਦ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਅਤੇ ਲੋਕਾਂ ਦਾ ਧੰਨਵਾਦ ਕੀਤਾ ਹੈ।ਇਸ ਦੌਰਾਨ ਹਰਸਿਮਰਤ ਕੌਰ ਬਾਦਲ ਸਭ ਤੋਂ ਪਹਿਲਾਂ ਜਿੱਤ ਦੀ ਖ਼ੁਸ਼ੀ ‘ਚ ਰਖਾਏ ਗਏ ਸ੍ਰੀ ਅਖੰਡ ਪਾਠ ਦੀ ਅਰਦਾਸ ‘ਚ ਸ਼ਾਮਲ ਹੋਏ।ਇਸ ਤੋਂ ਬਾਅਦ ਉਨ੍ਹਾਂ ਨੇ ਜਿੱਤ ਦਿਵਾਉਣ ਵਾਲੇ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਜਦੋਂ ਹਰਸਿਮਰਤ ਕੌਰ ਬਾਦਲ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨ ਲੱਗੇ ਤਾਂ ਉਨ੍ਹਾਂ ਦੀਆਂ ਅੱਖਾਂ ‘ਚੋਂ ਖ਼ੁਸ਼ੀ ਦੇ ਹੰਝੂ ਡਿੱਗਣ ਲੱਗੇ ਅਤੇ ਫਿਰ ਇੱਕ ਦਮ ਭਾਵੁਕ ਹੋ ਕੇ ਕਹਿਣ ਲੱਗੇ ਕਿ ਤੁਸੀਂ ਜ਼ਾਲਮ ਸਰਕਾਰ ਦਾ ਮੁਕਾਬਲਾ ਕਰਕੇ ਮੈਨੂੰ ਜਿਤਾਇਆ ਹੈ, ਜਿਸ ਲਈ ਮੇਰਾ ਰੋਮ-ਰੋਮ ਤੁਹਾਡਾ ਕਰਜ਼ਾਈ ਰਹੇਗਾ।ਉਨ੍ਹਾਂ ਕਿਹਾ ਕਿ ਉਹ ਬਠਿੰਡੇ ਹਲਕੇ ਦੀ ਤਨ, ਮਨ ਅਤੇ ਧਨ ਨਾਲ ਸੇਵਾ ਕਰਨਗੇ।ਉਨ੍ਹਾਂ ਕਿਹਾ ਕਿ ਅੱਜ ਤਾਂ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ ਪਰ ਆਉਣ ਵਾਲੇ ਦਿਨਾਂ ‘ਚ ਉਹ ਲੋਕਾਂ ਦਾ ਧੰਨਵਾਦ ਕਰਨਗੇ, ਜਿਨ੍ਹਾਂ ਨੇ ਸਰਕਾਰ ਨਾਲ ਟੱਕਰ ਲੈ ਕੇ ਉਨ੍ਹਾਂ ਦੀ ਜਿੱਤ ਲਈ ਮਿਹਨਤ ਕੀਤੀ ਹੈ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਉਨ੍ਹਾਂ ਦੇ ਪਰਿਵਾਰ ‘ਤੇ ਬੇਅਦਬੀ ਦੇ ਝੂਠੇ ਦੋਸ਼ ਲਾਉਣ ਵਾਲਿਆਂ ਦਾ ਨਾਸ਼ ਹੋਣ ਦੀ ਗੱਲ ਵੀ ਆਖੀ।

ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿਖੇ ਏਮਜ਼ ਹਸਪਤਾਲ ਨੂੰ ਜਲਦੀ ਸ਼ੁਰੂ ਕਰਵਾਉਣ ਲਈ ਹੁਣ ਤੋਂ ਹੀ ਕੰਮ ਸ਼ੁਰੂ ਕਰਨ ਦੀ ਗੱਲ ਕੀਤੀ।ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਮੰਤਰਾਲੇ ਵਿੱਚ ਕਿਸਾਨਾਂ ਲਈ ਛੋਟੀਆਂ ਸਕੀਮਾਂ ਦੇਣ ਅਤੇ ਨਵੇਂ 70 ਹਜ਼ਾਰ ਯੂਨੀਟ ਲਗਾਉਣ ਦੀ ਗੱਲ ਕੀਤੀ।ਉਹਨਾਂ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਰੁਜ਼ਗਾਰ ਹੋਵੇਗਾ ਤੇ ਹਰ ਵਰਗ ਦੇ ਵਿਅਕਤੀ ਨੂੰ ਰੁਜ਼ਗਾਰ ਦੇਣ ਲਈ ਉਪਰਾਲੇ ਕੀਤੇ ਜਾਣਗੇ।