ਨਵਜੋਤ ਸਿੱਧੂ ਦੇ ਅਸਤੀਫੇ ਤੇ ਭੜਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

Tags

ਨਵਜੋਤ ਸਿੱਧੂ ਵਲੋਂ ਪੰਜਾਬ ਵਜ਼ਾਰਤ 'ਚੋਂ ਦਿੱਤੇ ਗਏ ਅਸਤੀਫੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮੁਤਾਬਕ ਉਨ੍ਹਾਂ ਨੂੰ ਨਵਜੋਤ ਸਿੱਧੂ ਦਾ ਅਸਤੀਫਾ ਮਿਲ ਚੁੱਕਾ ਹੈ ਅਤੇ ਇਸ ਨੂੰ ਪੜ੍ਹਨ ਤੋਂ ਬਾਅਦ ਹੀ ਇਸ 'ਤੇ ਵਿਚਾਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਾਫ ਕੀਤਾ ਹੈ ਕਿ ਉਨ੍ਹਾਂ ਦਾ ਨਵਜੋਤ ਸਿੱਧੂ ਨਾਲ ਕੋਈ ਵਿਵਾਦ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਿਰਫ ਸਿੱਧੂ ਹੀ ਨਹੀਂ ਸਗੋਂ ਸਿੱਧੂ ਸਣੇ 13 ਮੰਤਰੀਆਂ ਦੇ ਵਿਭਾਗ ਬਦਲੇ ਸਨ ਪਰ ਨਵਜੋਤ ਸਿੱਧੂ ਨੇ ਇਹ ਕਦਮ ਕਿਉਂ ਚੁੱਕਿਆ ਇਹ ਉਹ ਹੀ ਦੱਸ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿੱਧੂ ਨੂੰ ਦਿੱਤਾ ਗਿਆ ਬਿਜਲੀ ਵਿਭਾਗ ਅਹਿਮ ਹੈ ਪਰ ਜੇਕਰ ਉਹ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਇਸ 'ਤੇ ਕੁਝ ਨਹੀਂ ਕੀਤਾ ਜਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਤੋਂ ਬਾਅਦ ਮੰਤਰਾਲਾ ਖੋਹੇ ਜਾਣ ਤੋਂ ਨਾਰਾਜ਼ ਨਵਜੋਤ ਸਿੱਧੂ ਨੇ ਐਤਵਾਰ ਨੂੰ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਨੇ ਰਾਹੁਲ ਗਾਂਧੀ ਨੂੰ ਸੰਬੋਧਤ ਆਪਣੇ ਅਸਤੀਫੇ ਨੂੰ ਟਵਿੱਟਰ 'ਤੇ ਸਾਂਝਾ ਕੀਤਾ ਸੀ। ਅਸਤੀਫੇ 'ਤੇ 10 ਜੂਨ ਦੀ ਮਿਤੀ ਲਿਖੀ ਗਈ ਸੀ। ਰਾਹੁਲ ਗਾਂਧੀ ਨੂੰ ਅਸਤੀਫਾ ਭੇਜਣ ਤੋਂ ਬਾਅਦ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਸਨ। ਵਿਰੋਧੀਆਂ ਦਾ ਤਰਕ ਸੀ ਕਿ ਸਿੱਧੂ ਨੇ ਅਸਤੀਫੇ ਦਾ ਮਹਿਜ਼ ਡਰਾਮਾ ਕੀਤਾ ਹੈ, ਸਿੱਧੂ ਨੂੰ ਅਸਤੀਫਾ ਮੁੱਖ ਮੰਤਰੀ ਜਾਂ ਗਵਰਨਰ ਨੂੰ ਭੇਜਣਾ ਚਾਹੀਦਾ ਸੀ, ਜਦਕਿ ਸਿੱਧੂ ਨੇ ਤਿਆਗ ਪੱਤਰ ਉਸ ਲੀਡਰ ਨੂੰ ਭੇਜਿਆ ਜੋ ਪਹਿਲਾਂ ਹੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕਾ ਹੈ।

ਜਿਸ ਤੋਂ ਬਾਅਦ ਸਿੱਧੂ ਨੇ ਸੋਮਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਆਪਣਾ ਅਸਤੀਫਾ ਭੇਜ ਦਿੱਤਾ। ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦਾ ਅਸਤੀਫਾ ਮਿਲਣ ਦੀ ਪੁਸ਼ਟੀ ਕਰ ਦਿੱਤੀ ਹੈ ਤਾਂ ਇਸ 'ਤੇ ਅਗਲਾ ਫੈਸਲਾ ਕੀ ਹੁੰਦਾ ਹੈ, ਇਹ ਦੇਖਣਾ ਚਿਲਚਸਪ ਹੋਵੇਗਾ। ਪੱਤਰਕਾਰਾਂ ਦੇ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦਾ ਫੈਸਲਾ ਕਾਂਗਰਸ ਹਾਈ ਕਮਾਂਡ ਦੀ ਸਲਾਹ ਨਾਲ ਕੀਤਾ ਜਾਂਦਾ ਹੈ, ਜਿਸ ਕਰਕੇ ਸਿੱਧੂ ਵਲੋਂ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਨੂੰ ਭੇਜਣਾ ਠੀਕ ਹੈ। ਮੁੱਖ ਮੰਤਰੀ ਸੰਸਦ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਿਸ਼ਟਾਚਾਰ ਮਿਲਣੀ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਕਿਉਂਕਿ ਮੋਦੀ ਦੇ ਦੂਜੇ ਕਾਰਜਕਾਲ ਤੋਂ ਬਾਅਦ ਉਹ ਉਨ੍ਹਾਂ ਨੂੰ ਹੁਣ ਤੱਕ ਨਹੀਂ ਮਿਲੇ ਸਨ। ਹਾਲਾਂਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਕੋਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ 'ਤੇ ਵੀ ਵਿਚਾਰ-ਚਰਚਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਇਸ ਮਹਾਨ ਸਮਾਗਮ 'ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਸਮਾਰੋਹ ਨੂੰ ਸਫ਼ਲਤਾਪੂਰਵਕ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।