ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ ਐਨ੍ਹੇਂ ਰੁਪਏ ਮੁਆਵਜ਼ਾ

Tags

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਪਰਾਲੀ ਨੂੰ ਅੱਗ ਲਾਉਣੋਂ ਰੋਕਣ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣਾ ਹੀ ਪਏਗਾ। ਇਸ ਤੋਂ ਬਗੈਰ ਕਿਸਾਨਾਂ ਨੂੰ ਪਰਾਲੀ ਸਾੜਨੋਂ ਰੋਕਣਾ ਔਖਾ ਹੈ। ਹਰਿਆਣਾ ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਪੰਜਾਬ ਸਰਕਾਰ ਦੀ ਮੰਗ ਨੂੰ ਸਹੀ ਕਿਹਾ ਹੈ। ਖੇਤੀਬਾੜੀ ਸਕੱਤਰ ਕਾਹਨ ਸਿੰਘ ਪਨੂੰ ਨੇ ਟ੍ਰਿਬਿਊਨਲ ਨੂੰ ਦੱਸਿਆ ਕਿ ਕਿਸਾਨ ਲੰਮੇ ਅਰਸੇ ਤੋਂ ਪਰਾਲੀ ਸਾੜਦੇ ਆ ਰਹੇ ਹਨ। ਇਸ ਲਈ ਉਨ੍ਹਾਂ ਨੂੰ ਇਕਦਮ ਰੋਕਿਆ ਨਹੀਂ ਜਾ ਸਕਦਾ।

ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਫੌਰੀ ਪਰਾਲੀ ਸਾੜਨ ਤੋਂ ਰੋਕਣਾ ਚਾਹੁੰਦੀ ਹੈ ਤਾਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਸੌ ਰੁਪਏ ਬੋਨਸ ਦੇਣਾ ਚਾਹੀਦਾ ਹੈ। ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਅਧਿਕਾਰੀਆਂ ਨੇ ਵੀ ਮੁਆਵਜ਼ੇ ਦੀ ਮੰਗ ਕੀਤੀ। ਇਨ੍ਹਾਂ ਤਿੰਨਾਂ ਰਾਜਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਦੇ ਮਾਮਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕੇਂਦਰ ਨੇ ਇਸ ਤਜਵੀਜ਼ ਦਾ ਵਿਰੋਧ ਕੀਤਾ ਹੈ।

ਮੰਗਲਵਾਰ ਨੂੰ ਦਿੱਲੀ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪਰਾਲੀ ਸਾੜੇ ਜਾਣ ਕਾਰਨ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਮੁੱਦੇ ’ਤੇ ਤਿੰਨਾਂ ਸੂਬਿਆਂ ਦੀਆਂ ਸਰਕਾਰਾਂ ਤੇ ਕੇਂਦਰ ਸਰਕਾਰ ਦਾ ਪੱਖ ਸੁਣਿਆ। ਉਧਰ, ਕੇਂਦਰ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਸੰਯੁਕਤ ਸਕੱਤਰ ਨੇ ਕਿਸਾਨਾਂ ਨੂੰ ਮੁਆਵਜ਼ਾ ਜਾਂ ਬੋਨਸ ਦੇਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਰਾਜ ਸਰਕਾਰਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਜਿਹੜੇ ਸੰਦ ਦਿੱਤੇ ਗਏ ਹਨ, ਉਸ ’ਤੇ ਸਬਸਿਡੀ ਦੀ ਰਕਮ ਕੇਂਦਰ ਸਰਕਾਰ ਨੇ ਦਿੱਤੀ ਹੈ। ਇਸ ਲਈ ਕੇਂਦਰ ਸਰਕਾਰ ਹੋਰ ਮਦਦ ਨਹੀਂ ਕਰ ਸਕਦੀ।