ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿਹੜੇ 8 ਕੈਦੀਆਂ ਨੂੰ ਕੇਂਦਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਰਿਹਾਅ ਹੋਣ ਵਾਲੇ ਉਹਨਾਂ ਕੈਦੀਆਂ ਦੇ ਨਾਂ ਸਾਹਮਣੇ ਆ ਗਏ। ਜਿਹਨਾਂ ਵਿੱਚ ਸਭ ਤੋਂ ਅਹਿਮ ਨਾਂ ਹੈ ਦਵਿੰਦਰਪਾਲ ਸਿੰਘ ਭੁੱਲਰ ਦਾ ਹੈ। ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਾਉਣ ਲਈ ਕਈ ਸਿੱਖ ਸੰਗਠਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।
ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵਿੱਚ ਭੇਜ ਦਿੱਤਾ ਗਿਆ ਸੀ। ਦਵਿੰਦਰਪਾਲ ਸਿੰਘ ਭੁੱਲਰ ਤੋਂ ਬਿਨਾਂ ਜਿਹੜੇ ਹੋਰ ਕੈਦੀ ਨੇ ਉਹਨਾਂ ਚ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਸ਼ਾਮਲ ਹਨ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।