ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਅੱਜ ਫ਼ਿਰ ਪੱਤਰਕਾਰਾਂ ਨਾਲ ਮੁਲਾਕਾਤ ਕੀਤੀ | ਇਸ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੱਤਰਕਾਰਾਂ ਨਾਲ ਵਿਵਾਦ ਪੈਦਾ ਹੋਇਆ ਸੀ ਜਿਸ ਨੂੰ ਟਾਲ਼ਿਆ ਜਾ ਸਕਦਾ ਸੀ | ਭਗਵੰਤ ਮਾਨ ਨੇ ਸਿੱਧੇ ਤੌਰ 'ਤੇ ਮੁਆਫ਼ੀ ਨਹੀਂ ਮੰਗੀ ਪਰ ਇੰਨਾ ਜ਼ਰੂਰ ਕਿਹਾ ਕਿ ਉਹ ਪੱਤਰਕਾਰਾਂ ਦਾ ਦਿਲੋਂ ਸਤਿਕਾਰ ਕਰਦੇ ਹਨ | ਚੰਡੀਗੜ੍ਹ ਦੀ ਘਟਨਾ ਨੂੰ ਲੈ ਕੇ ਪੰਜਾਬ ਦੇ ਕਈ ਸ਼ਹਿਰਾਂ ਤੋਂ ਭਗਵੰਤ ਮਾਨ ਦੇ ਵਿਰੁੱਧ ਪੱਤਰਕਾਰ ਭਾਈਚਾਰੇ ਵਲੋਂ ਵੱਖ-ਵੱਖ ਥਾਵਾਂ 'ਤੇ ਰੋਸ ਮੁਜ਼ਾਹਰੇ ਕਰਨ ਦਾ ਸਿਲਸਿਲਾ ਵੀ ਜਾਰੀ ਰਿਹਾ |
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਦੇ ਤੌਰ 'ਤੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਤਨਖ਼ਾਹ ਮਿਲਦੀ ਹੈ, ਉਸ ਨਾਲ ਖ਼ਰਚੇ ਪੂਰੇ ਨਹੀਂ ਹੁੰਦੇ, ਇਸ ਕਰਕੇ ਉਹ ਕਲਾ ਦੇ ਖੇਤਰ ਦੇ ਸ਼ੋਅ ਦਾ ਹਿੱਸਾ ਬਣਨਗੇ | ਉਨ੍ਹਾਂ ਇਹ ਵੀ ਕਿਹਾ ਕਿ ਉਹ ਸ੍ਰੀ ਕੇਜਰੀਵਾਲ ਤੋਂ ਛੁੱਟੀ ਲੈਣਗੇ ਤੇ ਆਗਾਮੀ ਸਮੇਂ ਵਿਚ ਆਸਟ੍ਰੇਲੀਆ 'ਚ ਸ਼ੋਅ ਕਰਕੇ ਉਹ ਪੈਸੇ ਕਮਾ ਕੇ ਖ਼ਰਚਾ ਚਲਾਉਣਗੇ |