ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਬੀ ਅ ਰ ਖਰੀਦਣ ਦੇ ਦੋਸ਼ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪਰਮਜੀਤ ਸਿੰਘ ਚੰਡੋਕ ਦੀ ਪਿਛਲੇ ਦਿਨੀਂ ਸ਼ ਰਾ ਬ ਦੇ ਠੇ ਕੇ ਤੋਂ ਬੀ ਰ ਖਰੀਦਣ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਦਿੱਲੀ ਦੀ ਸੰਗਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਿਕਾਇਤ ਦਿੱਤੀ ਸੀ ਜਿਸ ਸਬੰਧੀ ਅੱਜ ਚੰਡੋਕ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ। ਚੰਡੋਕ ਨੇ ਕਿਹਾ ਕਿ ਉਨ੍ਹਾਂ ਬੀ ਰ ਸਿਰਫ਼ ਖ਼ਰੀਦੀ ਸੀ, ਨਾ ਕਿ ਉਸ ਦਾ ਸੇਵਨ ਕੀਤਾ। ਪੰਜ ਸਿੰਘ ਸਾਹਿਬਾਨ ਨੇ ਵਿਚਾਰ ਕਰ ਕੇ ਚੰਡੋਕ ਨੂੰ ਤਿੰਨ ਦਿਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਇਕ-ਇਕ ਘੰਟਾ ਭਾਂਡੇ ਸਾਫ਼ ਕਰਨ, ਝਾੜੂ ਮਾਰਨ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਗਾਈ ਹੈ।
ਇਸ ਉਪਰੰਤ ਚੰਡੋਕ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾ ਕੇ ਭੋਗ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5,100 ਰੁਪਏ ਕੜਾਹ ਪ੍ਰਸਾਦਿ ਦੀ ਦੇਗ ਭੇਟਾ ਕਰਵਾਉਣ ਤੇ ਖ਼ਿਮਾ ਮੰਗ ਕੇ ਅਰਦਾਸ ਕਰਨ ਨੂੰ ਕਿਹਾ ਹੈ। ਪੰਜ ਸਿੰਘ ਸਾਹਿਬਾਨ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਸਿੰਘ ਗਿਆਨੀ ਰਘਬੀਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜਾਂ ਪਿਆਰਿਆਂ 'ਚੋਂ ਭਾਈ ਦਿਲਬਾਗ ਸਿੰਘ, ਭਾਈ ਸੁਖਜਿੰਦਰ ਸਿੰਘ ਤੇ ਭਾਈ ਰਛਪਾਲ ਸਿੰਘ ਸ਼ਾਮਲ ਸਨ।