ਬੇਸ਼ੱਕ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਆਖ਼ਰੀ ਸਾਹਾਂ 'ਤੇ ਹੈ। ਪਰ.!! ਜਿੱਥੋਂ ਆਮ ਆਦਮੀ ਪਾਰਟੀ ਦਾ ਮੁੱਢ ਬੱਝਿਆ ਸੀ, ਉੱਥੇ ਅੱਜ ਵੀ ਲੋਕ ਆਮ ਆਦਮੀ ਪਾਰਟੀ ਦੀਆਂ ਹੀ ਗੱਲਾਂ ਕਰਦੇ ਸੁਣਾਈ ਦਿੰਦੇ ਹਨ। ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਭਾਰਤ ਦੀ ਰਾਜਧਾਨੀ ਦਿੱਲੀ ਦੀ। ਦਿੱਲੀ ਦੇ ਵਿੱਚ ਹੀ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਅਤੇ ਆਮ ਆਦਮੀ ਪਾਰਟੀ ਇੱਕ ਵਾਰ ਨਹੀਂ, ਸਗੋਂ ਲਗਾਤਾਰ ਦੂਜੀ ਵਾਰ ਦਿੱਲੀ ਦੇ ਵਿੱਚ ਆਪਣੀ ਸਰਕਾਰ ਬਣਾ ਚੁੱਕੀ ਹੈ। ਦੱਸ ਦਈਏ ਕਿ ਦਿੱਲੀ ਦੀਆਂ ਚੋਣਾਂ ਤੋਂ ਪਹਿਲੋਂ ਹੀ ਆਮ ਆਦਮੀ ਪਾਰਟੀ ਨੇ ਨਾਅਰਾ ਤਿਆਰ ਕਰ ਲਿਆ ਹੈ, ਜਿਸ ਨੂੰ ਨਾਮ "ਚੰਗੇ ਪੰਜ ਸਾਲ, ਲੱਗੇ ਰਹੋ ਕੇਜਰੀਵਾਲ" ਦਿੱਤਾ ਗਿਆ ਹੈ। ਇਹ ਨਾਮ ਲੈ ਕੇ ਦਿੱਲੀ ਦੇ ਲੋਕਾਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਾ ਰਹੇ ਹਨ।
ਦੱਸ ਦਈਏ ਕਿ ਪਹਿਲੋਂ ਦੀ ਤਰ੍ਹਾਂ ਇਸ ਵਾਰ ਵੀ ਆਮ ਆਦਮੀ ਪਾਰਟੀ ਦਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ, ਬਲਕਿ ਭਾਰਤੀ ਜਨਤਾ ਪਾਰਟੀ ਦੇ ਨਾਲ ਹੀ ਹੋਣ ਜਾ ਰਿਹਾ ਹੈ, ਜਿਸਦੇ ਚੱਲਦਿਆਂ ਭਾਜਪਾ ਨੇ ਵੀ ਤਿਆਰੀ ਖਿੱਚ ਲਈ ਹੈ।ਦਿੱਲੀ ਦੇ ਅੰਦਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਮ ਆਦਮੀ ਪਾਰਟੀ ਤੋਂ ਹਮੇਸ਼ਾ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇੱਥੇ ਦੱਸ ਦਈਏ ਕਿ ਆਉਣ ਵਾਲੇ ਫਰਵਰੀ ਮਹੀਨੇ ਦੇ ਅੰਦਰ ਦਿੱਲੀ ਦੇ ਅੰਦਰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸਦੇ ਕਾਰਨ ਹੁਣੇ ਤੋਂ ਹੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੈਦਾਨ ਵਿੱਚ ਉਤਰ ਚੁੱਕੇ ਹਨ ਅਤੇ ਪਿਛਲੇ ਸਾਲਾਂ ਦੌਰਾਨ ਜਨਤਾ ਲਈ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਆਪਣੇ ਨਾਅਰੇ ਨੂੰ ਮਜ਼ਬੂਤ ਕਰ ਰਹੇ ਹਨ।