ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੇਂਡੂ ਭਾਰਤ ਬੰਦ ਦੇ ਸੱਦੇ ਤੇ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਨੇ ਬੱਸ ਸਟੈਂਡ ਅਤੇ ਗੁਰਦੁਆਰਾ ਚੌਂਕ ਮਾਨਸਾ ਵਿਖੇ ਧਰਨੇ ਦੇਣ ਤੋਂ ਬਾਅਦ ਸ਼ਹਿਰ ਵਿਚੋਂ ਦੀ ਮੁਜ਼ਾਹਰੇ ਕਰਦੇ ਹੋਏ ਮਾਨਸਾ ਫਾਟਕ ਉਪਰ ਰੇਲਵੇ ਟਰੈਕ ਜਾਮ ਕੀਤਾ। ਜਿਸ ਨਾਲ ਸ਼ਹਿਰ ਦੋ ਹਿੱਸਿਆਂ ਵਿਚ ਵੰਡਿਆ ਗਿਆ ਤੇ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਬੰਦ ਦੇ ਸੱਦੇ 'ਤੇ ਕਿਸਾਨ ਮੰਗਾਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁਲ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਿਸ਼ਾਂ ਮੁਤਾਬਕ ਦਿੱਤਾ ਜਾਵੇ, ਸਾਰੀਆਂ ਫ਼ਸਲਾਂ ਦਾ ਸਰਕਾਰੀ ਰੇਟ ਤਹਿ ਕਰਨ ਅਤੇ ਉਨ੍ਹਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਕੀਤੀ ਜਾਵੇ, ਕਿਸਾਨਾਂ ਸਿਰ ਚੜਿਆ ਸਮੁੱਚਾ ਕਰਜ਼ਾ ਮਾਫ਼ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ ਐਲਾਨੀ ਨਿਗੂਣੀ 2 ਲੱਖ ਰੁਪਏ ਦੀ ਕਰਜ਼ਾ ਰਾਹਤ ਸਕੀਮ ਵਿਚ ਬਿਨਾਂ ਸ਼ਰਤ 5 ਏਕੜ ਤਕ ਦੇ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇ,
ਰੇਲਵੇ ਟਰੈਕ ਜਾਮ ਕਰ ਕੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਫਫੜੇ ਅਤੇ ਕਰਾਂਤੀ ਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਭਜਨ ਸਿੰਘ ਘੁੰਮਣ ਨੇ ਕਿਹਾ ਦੇ ਦੇਸ਼ ਦੇ ਮੋਦੀ ਸਰਕਾਰ ਨੇ ਦੇਸ਼ ਦੇ ਕਾਰੋਬਾਰ ਤਬਾਹ ਕਰ ਦਿੱਤੇ ਹਨ, ਜਿਸ ਨਾਲ ਦੇਸ਼ ਵਿਚ ਕਰਜ਼ੇ ਕੁਰਕੀਆਂ, ਖੁਦਕਸ਼ੀਆਂ, ਮਹਿੰਗਾਈ ਤੇ ਬੇਰੁਜ਼ਗਾਰੀ ਵੱਧ ਗਈ ਹੈ ਅਤੇ ਦੇਸ਼ ਦੀ ਆਰਥਿਕਤਾ ਡਗਮਗਾ ਗਈ ਹੈ।