ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਫਰਵਰੀ ਨੂੰ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਲੌਂਗੋਵਾਲ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਰੈਲੀ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸਾਰੇ ਦਿੱਗਜ ਆਗੂ ਪਹੁੰਚ ਰਹੇ ਹਨ ਜਦਕਿ ਲੱਖਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਵੀ ਇਸ ਰੈਲੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਢੀਂਡਸਾ ਪਰਿਵਾਰ ਤੇ ਵਰ੍ਹਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਢੀਂਡਸਾ ਪਰਿਵਾਰ ਨੂੰ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਸੁਝਾਅ ਵੀ ਦਿੱਤਾ ਗਿਆ ਸੀ ਕਿ ਢੀਂਡਸਾ ਸਾਹਿਬ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾ ਦਿੱਤਾ ਜਾਵੇ, ਪਰ ਢੀਂਡਸਾ ਸਾਹਿਬ ਨੇ ਕਿਹਾ ਕਿ ਰੌਲਾ ਉਨ੍ਹਾਂ ਦੀ ਪ੍ਰਧਾਨਗੀ ਦਾ ਨਹੀਂ ਸਗੋਂ ਉਹ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਦੇਖਣਾ ਨਹੀਂ ਚਾਹੁੰਦੇ ।ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਢੀਂਡਸਾ ਪਰਿਵਾਰ ਨੂੰ ਹਾਰ ਦੇ ਬਾਵਜੂਦ ਵੀ ਉੱਚ ਅਹੁਦਿਆਂ ਤੇ ਰੱਖਿਆ ਗਿਆ ਅਤੇ ਪਰਮਿੰਦਰ ਢੀਂਡਸਾ ਨੂੰ 10 ਸਾਲ ਲਗਾਤਾਰ ਕੈਬਨਿਟ ਵਿਚ ਮੰਤਰੀ ਪਦ ਦਿੱਤਾ ਗਿਆ।ਰੈਲੀ ਦੌਰਾਨ ਅਕਾਲੀ ਦਲ ਵਲੋਂ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਦਾ ਐਲਾਨ ਵੀ ਕੀਤਾ ਜਾਵੇਗਾ।