ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਜਾਬ ਵਿਚ ਤਿੰਨ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ ਜਿਨ੍ਹਾਂ ਵਿਚੋਂ ਪਹਿਲੀ ਰੈਲੀ ਠੱਠੀਆਂ ਮਹੰਤਾਂ, ਦੂਸਰੀ ਸੰਗਰੂਰ ਅਤੇ ਤੀਸਰੀ ਰੋਪੜ ਮੁਹਾਲੀ ਕੀਤੀ ਜਾ ਰਹੀ ਹੈ। ਇਹ ਗੱਲ ਪਾਰਟੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਆਖੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਹੁਦੇਦਾਰੀਆਂ ਦੀ ਭੁੱਖ ਹੀ ਨਹੀਂ ਹੈ ਇਸੇ ਲਈ ਉਹ ਅਹੁਦੇਦਾਰੀਆਂ ਛੱਡ ਕੇ ਲਾਂਭੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡਾ ਨਿਸ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣਾ ਹੈ, ਉਸ ਤੋਂ ਬਾਅਦ ਸਿਆਸੀ ਚੋਣਾਂ ਬਾਰੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਉਹ ਕੋਈ ਵੀ ਚੋਣ ਨਹੀਂ ਲੜਨਗੇ।
ਸੇਖਵਾਂ ਨੇ ਕਿਹਾ ਕਿ ਇਸ ਸਬੰਧੀ ਫ਼ੈਸਲਾ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਵਿਚ ਬ੍ਰਹਮਪੁਰਾ, ਰਵੀਇੰਦਰ ਸਿੰਘ, ਢੀਂਡਸਾ ਅਤੇ ਉਨ੍ਹਾਂ ਦੀ ਹਾਜ਼ਰੀ ਵਿਚ ਹੋਇਆ ਹੈ। ਜਥੇਦਾਰ ਤੋਤਾ ਸਿੰਘ ਸਬੰਧੀ ਪੁੱਛੇ ਗਏ ਪ੍ਰਸ਼ਨ ਦੇ ਉੱਤਰ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਈ ਵਿਰੋਧ ਨਹੀਂ ਕਰ ਰਿਹਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਟਿੱਪਣੀ ਕਰਦਿਆਂ ਕਿ ਉਹ ਪ੍ਰਧਾਨ ਨਹੀਂ ਬਲਕਿ ਦਰਬਾਨ ਦੀ ਭੂਮਿਕਾ ਨਿਭਾ ਰਹੇ ਹਨ।