ਨੌਜਵਾਨਾਂ ਲਈ ਵੱਡੀ ਖੁਸ਼ਖਬਰੀ, ਕੈਪਟਨ ਸਰਕਾਰ ਦਾ ਵੱਡਾ ਐਲਾਨ

Tags

ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਤਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮਾਫ਼ੀ ਸਕੀਮ ਤਹਿਤ ਹੁਣ ਤਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ। ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ਵਿਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ 'ਘਰ-ਘਰ ਰੁਜ਼ਗਾਰ ਸਕੀਮ' ਤਹਿਤ ਹੁਣ ਤਕ 13.60 ਲੱਖ ਨੌਜਵਾਨਾਂ ਨੂੰ ਰੁਜ਼ਗਾਰ/ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।