ਪੁਲਿਸ ਨੇ ਕਿਸਾਨਾਂ 'ਤੇ ਕੀਤਾ ਲਾਠੀਚਾਰਜ, ਕਈ ਕਿਸਾਨਾਂ ਨੂੰ ਲਿਆ ਹਿਰਾਸਤ 'ਚ, ਭਖਿਆ ਮਾਹੌਲ

Tags

ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਅਕਾਲੀ ਦਲ ਦੇ ਨੇਤਾ ਸੁਖਬੀਰ ਬਾਦਲ ਦੀ ਰੈਲੀ ਦੇ ਵਿਰੋਧ ਵਿੱਚ ਕਿਸਾਨਾਂ ਤੇ ਪੁਲਿਸ ਦੇ ਆਹਮੋ-ਸਾਹਮਣੇ ਹੋਣ ਦੀ ਖ਼ਬਰ ਹੈ। ਹਾਸਲ ਜਾਣਕਾਰੀ ਮੁਤਾਬਕ ਜਦੋਂ ਕਿਸਾਨਾਂ ਨੇ ਰੈਲੀ ਵਾਲੀ ਥਾਂ 'ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋਈ। ਦੱਸ ਦਈਏ ਕਿ ਸੂਬੇ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹਨ ਜਿਸ ਨੂੰ ਲੈ ਕੇ ਹੁਣ ਤੋਂ ਹੀ ਸਿਆਸੀ ਪਾਰਟੀਆਂ ਆਪਣੀ ਤਾਕਤ ਦਿਖਾਉਣ 'ਚ ਲੱਗ ਗਈਆਂ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਾਹਨੇਵਾਲ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰਨ ਮੌਕੇ ਵੀ ਉਥੇ ਹੀ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕੀਤਾ ਗਿਆ।

ਇਸ ਦੌਰਾਨ ਅਕਾਲੀ ਵਰਕਰ ਅਤੇ ਕਿਸਾਨ ਆਹਮੋ ਸਾਹਮਣੇ ਹੋਏ ਅਤੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਿਹਾ ਕਿ ਇਹ ਜੋ ਕੁਝ ਕੁ ਲੋਕ ਇਕੱਠੇ ਹੋ ਰਹੇ ਹਨ ਇਹ ਕਿਸਾਨ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਹਨ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ ਜਿਸ ਕਰਕੇ ਹਰਿਆਣਾ ਤੇ ਪੰਜਾਬ 'ਚ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤਰ੍ਹਾਂ ਕਿਸਾਨਾਂ ਨੇ ਪੰਜਾਬ ਦੇ ਪਿੰਡਾਂ ਵਿੱਚ ਸਾਰੀਆਂ ਧਿਰਾਂ ਵਿਰੁੱਧ ਪੋਸਟਰ ਜੰਗ ਸ਼ੁਰੂ ਕਰ ਦਿੱਤੀ ਹੈ। ਉਧਰ, ਸੂਬੇ ਵਿੱਚ ਮੁੱਖ ਸੰਘਰਸ਼ ਸੱਤਾਧਾਰੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਕਾਰ ਹੈ। ਨਾਲ ਹੀ ਸੁਖਬੀਰ ਬਾਦਲ ਦੀ ਪੰਜਾਬ ਯਾਤਰਾ ਦੌਰਾਨ ਪਹਿਲੇ ਦਿਨ ਹੀ ਉਨ੍ਹਾਂ ਨੂੰ ਜ਼ੀਰਾ ਤੋਂ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਆਪਣੀ ਇਸ ਯਾਤਰਾ ਦੀ ਸ਼ੁਰੂਆਤ ਕਰਨੀ ਪਈ ਸੀ।