ਕੈਪਟਨ ਨੇ ਦਿੱਲੀ ਤੋਂ ਹਿਲਾਤੀ ਸਿਆਸਤ, ਮੋਦੀ ਕੋਲ ਪਹੁੰਚ ਪਲਟਤਾ ਪਾਸਾ!

Tags

ਬੀਜੇਪੀ, ਕੈਪਟਨ ਨੇ ਢੀਂਡਸਾ ਵਿਚਾਲੇ ਸੀਟਾਂ ਦੀ ਵੰਡ ਦਾ ਰੇੜਕਾ ਮੁੱਕ ਗਿਆ ਹੈ। ਪੰਜਾਬ ਵਿੱਚ ਸੀਟ ਸ਼ੇਅਰਿੰਗ ਫਾਰਮੂਲਾ ਤੈਅ ਹੋ ਗਿਆ ਹੈ। ਇਸ ਮੁਤਾਬਕ ਭਾਜਪਾ 65, ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ 15 ਸੀਟਾਂ ਉੱਪਰ ਚੋਣ ਲੜੇਗੀ। ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼ਮੂਲੀਅਤ ਕੀਤੀ ਹੈ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲਾਂ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ)ਨੇ ਭਾਵੇਂ ਆਪਣੇ-ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ ਪਰ ਅਜੇ ਤੱਕ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨਹੀਂ ਹੋ ਸਕੀ ਸੀ।

ਇਸ ਨੂੰ ਲੈ ਕੇ ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ 'ਚ ਅਹਿਮ ਮੀਟਿੰਗ ਹੋਈ ਜਿਸ ਵਿੱਚ ਸੀਟ ਸ਼ੇਅਰਿੰਗ ਫਾਰਮੂਲਾ ਤੈਅ ਹੋਇਆ। ਭਲਕੇ ਤੋਂ ਪੰਜਾਬ ਵਿੱਚ ਨਾਮਜ਼ਦਗੀਆਂ ਸ਼ੁਰੂ ਹੋਣ ਕਾਰਨ ਗਠਜੋੜ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝਿਆ ਹੋਇਆ ਹੈ। ਬੀਜੇਪੀ ਨੇ ਅਜੇ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਾ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਆਏ ਸਨ। ਹਾਲਾਂਕਿ ਸੁਰੱਖਿਆ ਦੀ ਢਿੱਲ ਕਾਰਨ ਉਨ੍ਹਾਂ ਨੂੰ ਰੈਲੀ ਨੂੰ ਸੰਬੋਧਨ ਕੀਤੇ ਬਿਨਾਂ ਹੀ ਪਰਤਣਾ ਪਿਆ।

ਪੰਜਾਬ ਵਿੱਚ ਇਸ ਵਾਰ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਯੂ) ਗਠਜੋੜ ਕਰਕੇ ਚੋਣਾਂ ਲੜ ਰਹੇ ਹਨ। ਇਸ ਗਠਜੋੜ ਨੇ 117 'ਚੋਂ 71 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਭਾਜਪਾ ਨੇ 35, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ 22 ਤੇ ਸ਼੍ਰੋਮਣੀ ਅਕਾਲੀ ਦਲ (ਯੂ) ਨੇ 14 ਸੀਟਾਂ 'ਤੇ ਉਮੀਦਵਾਰ ਐਲਾਨੇ ਹਨ।