ਭਗਵੰਤ ਮਾਨ ਦੀ ਚੋਣ ਕਮਿਸ਼ਨ ਨੂੰ ਮੰਗ, ਜਾਣੋ ਕੀ ਕੀਤੀ ਬੇਨਤੀ!

Tags

ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਅੱਗੇ ਵਧਾਉਣ ਦੀ ਮੰਗ ਕਰਨ ਵਾਲਿਆਂ ਦੀ ਸੂਚੀ 'ਚ ਆਮ ਆਦਮੀ ਪਾਰਟੀ ਵੀ ਸ਼ਾਮਲ ਹੋ ਗਈ ਹੈ। 'ਆਪ' ਦੀ ਪੰਜਾਬ ਇਕਾਈ ਦੇ ਇੰਚਾਰਜ ਭਗਵੰਤ ਮਾਨ ਨੇ ਵੀ ਹੁਣ ਕਿਹਾ ਹੈ ਕਿ ਚੋਣ ਕਮਿਸ਼ਨ ਨੂੰ ਵੋਟਾਂ ਦੀ ਤਰੀਕ ਵਧਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵੀ ਇਹ ਮੰਗ ਚੋਣ ਕਮਿਸ਼ਨ ਦੇ ਸਾਹਮਣੇ ਰੱਖ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਵੱਲੋਂ ਐਤਵਾਰ ਨੂੰ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ।

ਇਸ ਤੋਂ ਪਹਿਲਾਂ, ਬਹੁਜਨ ਸਮਾਜ ਪਾਰਟੀ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਮਿਸ਼ਨ ਨੂੰ ਬੇਨਤੀ ਕੀਤੀ ਸੀ। ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਇੱਕ ਹਫ਼ਤਾ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਹੈ। ਲੱਖਾਂ ਲੋਕ ਮੱਥਾ ਟੇਕਣ ਲਈ ਬਨਾਰਸ ਜਾਂਦੇ ਹਨ। ਇਸ ਨੂੰ ਧਿਆਨ 'ਚ ਰੱਖਦਿਆਂ ਜੇਕਰ ਚੋਣ ਕਮਿਸ਼ਨ ਪੰਜਾਬ ਚੋਣਾਂ ਨੂੰ ਇੱਕ ਹਫ਼ਤੇ ਲਈ ਮੁਲਤਵੀ ਕਰ ਦਿੰਦਾ ਹੈ ਤਾਂ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਹੋਵੇਗੀ।'