PM ਦੀ ਸੁਰੱਖਿਆ ’ਚ ਲਾਪਰਵਾਹੀ ਦਾ ਮਾਮਲਾ, ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ!

Tags

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਛਿੜੇ ਵਿਵਾਦ ਵਿਚਾਲੇ ਪੰਜਾਬ ਸਰਕਾਰ ਨੇ ਅੱਜ ਵੱਡਾ ਫੈਸਲਾ ਕੀਤਾ ਹੈ। ਸਰਕਾਰ ਨੇ 1993 ਬੈਚ ਦੇ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਮੁਖੀ ਨਿਯੁਕਤ ਕਰ ਦਿੱਤਾ ਹੈ। ਈਸ਼ਵਰ ਸਿੰਘ ਨੂੰ ਸਿਧਾਰਥ ਚਟੋਪਾਧਿਆਏ ਦੀ ਥਾਂ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੱਲ੍ਹ ਫਿਰੋਜ਼ਪੁਰ ਫੇਰੀ ਦੌਰਾਨ ਹੋਈਆਂ ਅਣਗਹਿਲੀਆਂ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।

ਸੂਤਰਾਂ ਮੁਤਾਬਕ ਸਿਧਾਰਥ ਚਟੋਪਾਧਿਆਏ ਦਾ ਤਬਾਦਲਾ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖ਼ਾਮੀਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ। ਦੱਸ ਦਈਏ ਕਿ ਚਟੋਪਾਧਿਆਏ ਨੂੰ ਵਿਜੀਲੈਂਸ ਦਾ ਮੁਖੀ ਹੁੰਦਿਆਂ ਪੰਜਾਬ ਪੁਲਿਸ ਦੇ ਮੁਖੀ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਸੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਤੇ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।