ਹੁਣੇ ਹੁਣੇ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਆਈ ਵੱਡੀ ਖ਼ਬਰ

Tags

ਪੰਜਾਬ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਉਨ੍ਹਾਂ ਦੇ ਅਸਤੀਫੇ ਦੀ ਪੇਸ਼ਕਸ਼ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਠੁਕਰਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਤੱਕ ਦਾ ਸਭ ਤੋਂ ਮਾੜਾ ਪ੍ਰਦਰਸ਼ਨ ਰਿਹਾ ਹੈ। ਪਾਰਟੀ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਸੁਖਬੀਰ ਬਾਦਲ ਖੁਦ ਜਲਾਲਾਬਾਦ ਤੋਂ ਚੋਣ ਹਾਰ ਗਏ ਹਨ ਜਦਕਿ ਉਨ੍ਹਾਂ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਚੋਣ ਹਾਰ ਗਏ ਹਨ।

ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅਤੇ ਇਸ ਦੀ ਭਲਾਈ ਮੇਰੇ ਲਈ ਸਭ ਤੋਂ ਵੱਧ ਹੈ। ਮੈਂ ਹਮੇਸ਼ਾ ਪਾਰਟੀ ਦੇ ਹਿੱਤ ਵਿੱਚ ਕੰਮ ਕੀਤਾ ਹੈ। ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਮੇਰੀ ਹੈ ਅਤੇ ਅਹੁਦਾ ਛੱਡਣ ਲਈ ਤਿਆਰ ਹਾਂ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਲੀਡਰਸ਼ਿਪ ਸਮੇਤ ਕਈ ਜ਼ਿਲ੍ਹਾ ਪ੍ਰਧਾਨਾਂ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਓਥੇ ਹੀ ਖ਼ਬਰ ਇਹ ਵੀ ਹੈ ਕਿ ਪਾਰਟੀ ਨੇ ਚੋਣ ਹਾਰ ਬਾਰੇ ਆਪਣੇ ਆਗੂਆਂ ਦੇ ਨਾਲ-ਨਾਲ ਲੋਕਾਂ ਤੋਂ ਫੀਡਬੈਕ ਲੈਣ ਲਈ ਉੱਚ ਪੱਧਰੀ ਪੈਨਲ ਬਣਾਉਣ ਦਾ ਵੀ ਫੈਸਲਾ ਕੀਤਾ ਹੈ। ਸੂਬੇ 'ਚ ਆਮ ਆਦਮੀ ਪਾਰਟੀ ਨੇ 117 ਵਿਧਾਨ ਸਭਾ ਸੀਟਾਂ 'ਚੋਂ 92 ਸੀਟਾਂ ਜਿੱਤ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਆਮ ਆਦਮੀ ਪਾਰਟੀ ਦੀ ਅਜਿਹੀ ਹਵਾ ਸੀ ਕਿ ਮੁੜ ਸੱਤਾ ਵਿੱਚ ਆਉਣ ਦੀ ਆਸ ਲਾਈ ਬੈਠੀ ਕਾਂਗਰਸ ਨੂੰ ਵੱਡਾ ਝਟਕਾ ਲੱਗਾ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਭਰੋਸਾ ਪ੍ਰਗਟਾਉਣ ਲਈ ਇਕ ਰਸਮੀ ਮਤਾ ਵੀ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਨਾ ਕੇਵਲ ਬਾਦਲ ਨੇ ਮੋਰਚੇ ਤੋਂ ਅਗਵਾਈ ਕੀਤੀ ਸਗੋਂ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦੇ ਨਾਲ-ਨਾਲ ਕੇਡਰ ਨੂੰ ਵੀ ਆਪਣਾ ਸਰਵੋਤਮ ਦੇਣ ਲਈ ਪ੍ਰੇਰਿਤ ਕੀਤਾ। ਪਾਰਟੀ ਆਗੂਆਂ ਨੇ ਕਿਹਾ ਕਿ ਭਾਵੇਂ ਨਤੀਜੇ ਉਮੀਦਾਂ ਮੁਤਾਬਕ ਨਹੀਂ ਆਇਆ ਪਰ ਪਾਰਟੀ ਪ੍ਰਧਾਨ ਨੂੰ ਕਿਸੇ ਵੀ ਤਰ੍ਹਾਂ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬਦਲਾਅ ਲਈ ਭਾਰੀ ਵੋਟਾਂ ਪਾਈਆਂ ਹਨ ਅਤੇ ਆਮ ਆਦਮੀ ਪਾਰਟੀ ਦੀ ਸੁਨਾਮੀ ਵਿੱਚ ਸਮੁੱਚੀ ਵਿਰੋਧੀ ਧਿਰ ਹੂੰਝ ਗਈ ਹੈ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਕਈ ਥਾਵਾਂ 'ਤੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਨਾਂ ਵੀ ਨਹੀਂ ਪਤਾ ਸੀ ਪਰ ਉਨ੍ਹਾਂ ਨੇ ਬਦਲਾਅ ਲਈ ਵੋਟ ਪਾਈ। ਇਸ ਕਾਰਨ ਅਕਾਲੀ ਦਲ ਨੂੰ ਭਾਰੀ ਕੀਮਤ ਚੁਕਾਉਣੀ ਪਈ।