ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਬਿਹਤਰੀ ਲਈ ਸਹੂਲਤਾਂ ਦੇਣ ਲਈ ਵਚਨਬੱਧ ਹੈ। ਪੰਜਾਬ ਅੰਦਰ ਜੋ ਕੰਮ ਪਿਛਲੇ ਸੱਤਰ ਸਾਲਾਂ 'ਚ ਨਹੀਂ ਹੋਇਆ, ਉਹ ਕੰਮ ਉਨ੍ਹਾਂ ਦੀ ਸਰਕਾਰ ਨੇ 7 ਮਹੀਨਿਆ 'ਚ ਕਰ ਕੇ ਵਿਖਾ ਦਿੱਤਾ ਹੈ। ਉਹ ਦਿੜ੍ਹਬਾ ਵਿਖੇ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ 'ਚ ਹਾਜ਼ਰੀ ਲਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਅੰਦਰ ਇਮਾਨਦਾਰ ਸਰਕਾਰ ਹੋਣ ਕਰਕੇ ਖ਼ਜ਼ਾਨੇ 'ਚ ਆਮਦਨ ਦਾ ਵਾਧਾ ਹੋਇਆ ਹੈ। ਇਸ ਨਾਲ ਲੋਕ ਭਲਾਈ ਦੇ ਕੰਮ ਹੋਰ ਵੀ ਨੇਪਰੇ ਚਾੜ੍ਹੇ ਜਾ ਸਕਦੇ ਹਨ।
ਪੰਜਾਬ ਅੰਦਰ ਪਾਣੀਆਂ ਦਾ ਮੁੱਦਾ ਹਮੇਸ਼ਾ ਚੋਣ ਮੁੱਦਾ ਬਣ ਕੇ ਰਿਹਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਨਾ ਦੇਣ ਦਾ ਵੀ ਇਤਿਹਾਸਕ ਫੈਸਲਾ ਲਿਆ ਹੈ। ਪੰਜਾਬ ਅੰਦਰ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ 2004 ਤੋਂ ਬਾਅਦ ਦੇ ਮੁਲਾਜ਼ਮਾਂ ਦੀ ਪੈਨਸ਼ਨ ਸਕੀਮ ਨੂੰ ਮੁੜ ਤੋਂ ਬਹਾਲ ਕਰ ਕੇ ਇਤਿਹਾਸਕ ਫੈਸਲਾ ਲਿਆ ਹੈ। ਇਸ ਨਾਲ ਪੰਜਾਬ ਅੰਦਰ ਕੰਮ ਕਰ ਰਹੇ ਸਾਰੇ ਸਰਕਾਰੀ ਮੁਲਾਜ਼ਮਾਂ ਦਾ ਵਿਅਕਤੀਤਵ ਵਧਿਆ ਹੈ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨੂੰ 6 ਫੀਸਦ ਡੀਏ ਦੀ ਕਿਸ਼ਤ ਦੇ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।