ਨਵੀਂ ਗੱਡੀ ਲੈਣ ਵਾਲਿਆਂ ਲਈ ਚੰਗੀ ਖਬਰ

Tags

ਪੰਜਾਬ ਕੈਬਨਿਟ ਨੇ ਅੱਜ ਅਹਿਮ ਫੈਸਲਾ ਲਿਆ ਹੈ। ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ। ਇਸ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ।

ਵਾਤਾਵਰਣ ਪੱਖੀ ਫੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ। ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ।