ਵਾਰਿਸ ਪੰਜਾਬ ਦੇ’ ਦੇ ਮੁਖੀ ਅਮ੍ਰਿਤਪਾਲ ਸਿੰਘ ਆਪਣੇ ਸਮਰਥਕਾਂ ਦੇ ਨਾਲ ਅਜਨਾਲਾ ਦੇ ਥਾਣੇ ਵਿੱਚ ਦਾਖ਼ਲ ਹੋ ਗਏ ਹਨ- ਦੇਖੋ ਤਾਜ਼ਾ ਤਸਵੀਰਾਂ

Tags

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਪੰਜਾਬ ਪੁਲਿਸ ਨਹੀਂ ਰੋਕ ਸਕੀ। ਭਾਈ ਅੰਮ੍ਰਿਤਪਾਲ ਸਿੰਘ ਨੇ ਅਜਨਾਲਾ ਥਾਣੇ ਦੇ ਘਿਰਾਓ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਸਖਤ ਰੋਕਾਂ ਲਾਈਆਂ ਹੋਈਆਂ ਸੀ। ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਗਏ ਕਿ ਪੁਲਿਸ ਉਨ੍ਹਾਂ ਨੂੰ ਰੋਕਣ ਵਿੱਚ ਬੇਵੱਸ ਨਜ਼ਰ ਆਈ। ਅਹਿਮ ਗੱਲ ਹੈ ਕਿ ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਪੁਲਿਸ ਨੂੰ ਹੀ ਵੰਗਾਰਿਆ ਸੀ। ਕੁੱਟਮਾਰ ਦੇ ਕੇਸ ਵਿੱਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਹਮਾਇਤੀਆਂ ਦੀ ਗ੍ਰਿਫਤਾਰੀ ਖਿਲਾਫ ਭਾਈ ਅੰਮ੍ਰਿਤਪਾਲ ਸਿੰਘ ਨੇ ਥਾਣਾ ਅਜਨਾਲਾ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਸੀ। ਇਸ ਲਈ ਪੁਲਿਸ ਦੀ ਵੀ ਇੱਜ਼ਤ ਦਾ ਸਵਾਲ ਸੀ।

ਇਸ ਤੋਂ ਪਹਿਲਾਂ ਪੁਲਿਸ ਨੇ ਹੋਰ ਜ਼ਿਲ੍ਹਿਆਂ ਅੰਦਰ ਭਾਈ ਅੰਮ੍ਰਿਤਪਾਲ ਸਿੰਘ ਦਾ ਹਮਾਇਤੀਆਂ ਨੂੰ ਘਰਾਂ ਅੰਦਰ ਨਜ਼ਰਬੰਦ ਕਰਨ ਦੀ ਵੀ ਕੋਸ਼ਿਸ਼ ਕੀਤੀ। ਅਜਨਾਲਾ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕੀਤਾ ਹੋਇਆ ਸੀ। ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦਾ ਹਮਾਇਤੀਆਂ ਨੂੰ ਰੋਕਣ ਲਈ ਸਖਤ ਰੋਕਾਂ ਲਾਈਆਂ ਹੋਈਆਂ ਸੀ ਪਰ ਇਸ ਸਭ ਧਰਿਆ-ਧਰਾਇਆ ਰਹਿ ਗਿਆ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੰਜਾਬ ਪੁਲਿਸ ਵਿਚਾਲੇ ਝੜਪ ਵੀ ਹੋਈ। ਇਸ ਦੌਰਾਨ ਪੁਲਿਸ ਨੇ ਕਾਫਲੇ 'ਤੇ ਲਾਠੀਚਾਰਜ ਕੀਤਾ। ਇਸ ਸਭ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਨਾਲ ਅਜਨਾਲਾ ਪਹੁੰਚ ਗਏ।

ਅੱਜ ਸਵੇਰ ਤੋਂ ਹੀ ਅਜਨਾਲਾ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸੀਨੀਅਰ ਪੁਲਿਸ ਅਧਿਕਾਰੀ ਖੁਦ ਇੱਥੇ ਹਾਜ਼ਰ ਹਨ। ਪੁਲਿਸ ਦੂਜੇ ਜ਼ਿਲ੍ਹਿਆਂ ਵਿੱਚ ਵੀ ਭਾਈ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਉੱਪਰ ਨਜ਼ਰ ਰੱਖ ਰਹੀ ਸੀ। ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਾਥੀਆਂ ਵਿਰੁੱਧ ਨੌਜਵਾਨ ਦੀ ਕੁੱਟਮਾਰ ਦੇ ਮੁਕੱਦਮੇ ਖਿਲਾਫ ਥਾਣਾ ਅਜਨਾਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਗਰੋਂ ਪੁਲਿਸ ਚੌਕਸ ਹੋ ਗਈ ਹੈ।