ਇੱਕ ਦੂਜੇ ਨੂੰ ਆਦਰ ਸਤਿਕਾਰ ਨਾਲ ਮਿਲੇ ਇੱਕ ਦੂਜੇ ਦੇ ਧੁਰ ਵਿਰੋਧੀ ਲੀਡਰ!

Tags

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ੍ਰੀ ਰਾਮ ਨੌਮੀ ਦੇ ਪਵਿੱਤਰ ਮੌਕੇ ‘ਤੇ ਪਵਿੱਤਰ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਭਗਵਾਨ ਰਾਮ ਦੇ ਜਨਮ ਦਿਹਾੜੇ ‘ਰਾਮ ਨੌਮੀ’ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਮੌਕਾ ਮਾਨਵੀ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੋਣ ਦੇ ਨਾਲ-ਨਾਲ ਲੋਕਾਂ ਨੂੰ ਭਗਵਾਨ ਰਾਮ (ਮਰਯਾਦਾ ਪੁਰਸ਼ੋਤਮ) ਵੱਲੋਂ ਸਿਖਾਈਆਂ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਅਪਨਾਉਣ ਲਈ ਪ੍ਰੇਰਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਰਾਮ ਨੇ ਇਕ ਖ਼ੁਸ਼ਹਾਲ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਸਾਨੂੰ ਆਦਰਸ਼ ਅਤੇ ਸਦਾਚਾਰਕ ਜੀਵਨ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਰਾਮ ਦੀਆਂ ਸਿੱਖਿਆਵਾਂ ਨੂੰ ਅਸਲ ਭਾਵਨਾ ਨਾਲ ਅਪਣਾਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਇਹ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ ਅਤੇ ਸਮਾਜ ਨੂੰ ਬੁਰਾਈਆਂ ਦੇ ਜੂਲੇ ਤੋਂ ਮੁਕਤ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਨਾ ਸਿਰਫ਼ ਲੋਕਾਂ ਵਿੱਚ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਨੂੰ ਪ੍ਰਫੁੱਲਤ ਕਰਦੇ ਹਨ, ਸਗੋਂ ਬੇਅੰਤ ਖ਼ੁਸ਼ੀ ਅਤੇ ਖੁਸ਼ਹਾਲੀ ਦੀ ਰਹਿਮਤ ਦਾ ਸਬੱਬ ਵੀ ਬਣਦੇ ਹਨ।