ਜਦੋਂ ਭਗਵੰਤ ਮਾਨ ਨੇ ਕਿਹਾ, ਇੱਧਰ ਫੜਾਓ ਚਾਬੀਆਂ !

Tags

ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਹੁਸ਼ਿਆਰਪੁਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਰਸਮੀ ਤੌਰ 'ਤੇ ਟੋਲ ਪਲਾਜ਼ਾ ਨੂੰ ਬੰਦ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਨੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ। ਅੱਜ ਇਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਅਤੇ ਮਾਨਗੜ੍ਹ (ਹੁਸ਼ਿਆਪੁਰ) ਟੋਲ ਪਲਾਜ਼ੇ ਬੰਦ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿੰਨੋਂ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਬਚਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਮੁਤਾਬਕ ਇਹ ਟੋਲ 10 ਸਾਲ ਪਹਿਲਾਂ ਬੰਦ ਹੋਣ ਚਾਹੀਦੇ ਸਨ ਪਰ ਮੌਕੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ਉਤੇ ਮਿਹਰਬਾਨ ਹੁੰਦਿਆਂ ਉਲਟਾ ਕੰਪਨੀ ਦੇ ਖਜ਼ਾਨੇ ਭਰਨ ਵਿਚ ਪੂਰੀ ਮਦਦ ਕੀਤੀ। ਮੁੱਖ ਮੰਤਰੀ ਨੇ ਕਿਹਾ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਾਡੇ ਸਿਆਸਤਦਾਨਾਂ ਨੇ ਆਪਣੇ ਹੀ ਲੋਕਾਂ ਨਾਲ ਵਫ਼ਾ ਨਹੀਂ ਕਮਾਈ। ਪਿਛਲੇ ਸਮੇਂ ਵਿਚ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਦੀਆਂ ਸਰਕਾਰਾਂ ਨੇ ਆਪਣੇ ਲੋਕਾਂ ਦੇ ਹਿੱਤ ਸੋਚਣ ਦੀ ਬਜਾਏ ਸੂਬੇ ਦੇ ਖਜ਼ਾਨੇ ਦੋਵੇਂ ਹੱਥੀ ਲੁਟਾਏ।