ਨਵਜੋਤ ਸਿੱਧੂ ਦੀ ਰਿਹਾਈ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Tags

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਸਿੱਧੂ ਦੀ ਰਿਹਾਈ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਦੇ ਸੁਆਗਤ ਵਿਚ ਟਵੀਟ ਕਰਕੇ ਵੱਡੀ ਗੱਲ ਆਖੀ ਹੈ। ਸ. ਨਵਜੋਤ ਸਿੰਘ ਜੀ ਨੂੰ ਨਿੱਘੀ ਜੀ ਆਇਆਂ ਨੂੰ। ਜਲਦ ਮਿਲਣ ਦੀ ਆਸ ਕਰਦੇ ਹਾਂ, ਉਮੀਦ ਹੈ ਕਿ ਤੁਸੀਂ ਜਲਦੀ ਹੀ ਪੰਜਾਬੀਆਂ ਦੀ ਸੇਵਾ ਵਿਚ ਹਾਜ਼ਰ ਹੋਵੋਗੇ। ਜ਼ਿਕਰਯੋਗ ਹੈ ਕਿ ਪਿਛਲੇ 34 ਸਾਲ ਤੋਂ ਹਾਈਪ੍ਰੋਫਾਈਲ ਚੱਲੇ ਆ ਰਹੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਸਜ਼ਾ ਕੱਟਣ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟਰ ਤੋਂ ਰਾਜਸੀ ਆਗੂ ਬਣੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋ ਰਹੇ ਹਨ।

ਜਿਊਂ ਹੀ ਸਰਕਾਰ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਕੀਤੀ ਗਈ ਤਾਂ ਸਿੱਧੂ ਪਰਿਵਾਰ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਸਮੁੱਚੇ ਆਗੂਆਂ ਅਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਕਿਉਂਕਿ ਨਵਜੋਤ ਸਿੰਘ ਸਿੱਧੂ ਦੇ ਹੱਕ ’ਚ ਪੰਜਾਬ ਕਾਂਗਰਸ ਦਾ ਇਕ ਵੱਡਾ ਖੇਮਾ ਹੈ ਜਿਹੜਾ ਉਨ੍ਹਾਂ ਦੇ ਜੇਲ੍ਹ ਜਾਣ ਤੋਂ ਬਾਅਦ ਚੁੱਪ ਬੈਠਾ ਸੀ ਅਤੇ ਉਨ੍ਹਾਂ ਦੇ ਬਾਹਰ ਆਉਣ ਦੀ ਉਡੀਕ ਕਰ ਰਿਹਾ ਸੀ। ਤਾਜ਼ਾ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਦੁਪਹਿਰ ਨੂੰ ਮੀਡੀਆ ਨੂੰ ਸੰਬੋਧਨ ਕਰਨਗੇ।