ਮਾਨ ਨੇ ਅੱਜ ਦਿਨ ਚੜਦੇ ਹੀ ਵਿਰੋਧੀਆਂ ਦੇ ਨਾਲ ਨਾਲ ਆਪਣਾ ਖੋਲਿਆ ਚਿੱਠਾ।।

Tags

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਦੀ ਸਰਕਾਰ ਦੇ ਅਣਥੱਕ ਅਤੇ ਸੁਹਿਰਦ ਯਤਨਾਂ ਸਦਕਾ ਵਿਆਪਕ ਪੱਧਰ ’ਤੇ ਮਾਲੀਆ ਪੈਦਾ ਹੋਇਆ ਹੈ ਜਿਸ ਨਾਲ ਪੰਜਾਬ 'ਵਿੱਤੀ ਘਾਟੇ' ਤੋਂ 'ਵਿੱਤੀ ਲਾਭ' ਵਾਲੇ ਸੂਬੇ ਵਿਚ ਤਬਦੀਲ ਹੋ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਆਪਣੇ ਨਿੱਜੀ ਹਿੱਤ ਪੂਰੇ ਕਰਨ ਲਈ ਸੋਚਦੀਆਂ ਸਨ ਜਦਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਮਾਲੀਏ ਵਿਚ ਵਾਧਾ ਕਰਨ ਲਈ ਸਾਰੀਆਂ ਚੋਰ-ਮੋਰੀਆਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੜੀ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯਤਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ

ਸੂਬਾ ਵੱਧ ਤੋਂ ਵੱਧ ਮਾਲੀਆ ਪੈਦਾ ਕਰਨ ਦੇ ਸਮਰੱਥ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਈਮਾਨਦਾਰ ਸਰਕਾਰ ਨੇ ਸਿਆਸਤਦਾਨਾਂ ਦੇ ਨਿੱਜੀ ਘਰਾਂ ਵਿਚ ਫੰਡ ਜਾਣ ਦੀ ਬਜਾਏ ਫੰਡਾਂ ਦਾ ਮੁਹਾਣ ਸਰਕਾਰੀ ਖ਼ਜ਼ਾਨੇ ਵੱਲ ਮੋੜ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਤਿੰਨ ਮਹੀਨੇ ਦੀ ਦੇਰੀ ਨਾਲ ਆਬਕਾਰੀ ਨੀਤੀ ਅਮਲ ਵਿਚ ਲਿਆਂਦੀ ਸੀ ਪਰ ਇਸ ਨਾਲ ਸੂਬੇ ਨੂੰ 8841 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਮਾਲੀਆ ਪਿਛਲੇ ਸਾਲ ਨਾਲੋਂ 2587 ਕਰੋੜ ਰੁਪਏ ਵੱਧ ਹੈ, ਜੋ ਕਿ ਲਗਭਗ 41.41 ਫੀਸਦੀ ਵੱਧ ਬਣਦਾ ਹੈ।