ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਲਗਾਤਾਰ ਘਟਣ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1672.74 ਫੁੱਟ ਤੱਕ ਪਹੁੰਚ ਗਿਆ ਹੈ। ਬੀਤੇ ਦਿਨ ਭਾਖੜਾ ਡੈਮ ਦੇ ਫਲੱਡ ਗੇਟ 4 ਫੁੱਟ ਤੱਕ ਖੁੱਲ੍ਹੇ ਰਹੇ। ਸ਼ਾਮ 6 ਵਜੇ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ 41246 ਕਿਊਸਿਕ ਪਾਣੀ ਰਿਕਾਰਡ ਕੀਤਾ ਗਿਆ। 15 ਅਗਸਤ ਨੂੰ ਸਤਲੁਜ ਦਰਿਆ ਵਿੱਚ ਵੱਡੀ ਮਾਤਰਾ ਵਿੱਚ ਛੱਡੇ ਗਏ ਪਾਣੀ ਕਾਰਨ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦੋ ਦਰਜਨ ਪਿੰਡ ਪਾਣੀ ਵਿੱਚ ਡੁੱਬ ਗਏ ਸਨ। ਇਨ੍ਹਾਂ ਵਿੱਚੋਂ ਹਰਸਾ ਬੇਲਾ, ਪੱਤੀ ਜੀਵਨ ਸਿੰਘ, ਬੇਲਾ ਧਿਆਨੀ, ਭੰਮਾਂ, ਭਲਾਣ ਆਦਿ ਪਿੰਡਾਂ ਦੇ ਬਹੁਤੇ ਹਿੱਸੇ ਕਈ ਦਿਨਾਂ ਤੋਂ ਪਾਣੀ ਵਿੱਚ ਡੁੱਬੇ ਰਹੇ। ਪ੍ਰਸ਼ਾਸਨ ਨੇ ਲੋਕਾਂ ਨੂੰ ਬਚਾ ਕੇ ਬਾਹਰ ਕੱਢਿਆ ਸੀ।
ਇਸ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹਰਸਾ ਬੇਲਾ ਦੇ ਲੋਕ ਹੋਏ ਹਨ ਜਿੱਥੇ ਇਹ ਪਿੰਡ ਪੂਰੀ ਤਰ੍ਹਾਂ ਪਾਣੀ ਵਿੱਚ ਘਿਰ ਗਿਆ । ਲੋਕਾਂ ਨੇ ਦੱਸਿਆ ਕਿ ਹੜ੍ਹ ਨਾਲ 3-4 ਘਰ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ਅਤੇ ਬਾਕੀ ਘਰਾਂ ਦੀ ਹਾਲਤ ਖਤਰੇ ਵਿੱਚ ਹੈ। ਇਸ ਖਤਰੇ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਨੇ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਹੋਰ ਥਾਵਾਂ ‘ਤੇ ਸ਼ਿਫਟ ਕਰ ਦਿੱਤਾ ਹੈ।ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਅਣਗਹਿਲੀ ਅਤੇ ਨਾਜਾਇਜ਼ ਮਾਈਨਿੰਗ ਕਾਰਨ ਉਨ੍ਹਾਂ ਦੇ ਘਰ ਢਹਿ ਰਹੇ ਹਨ। ਪੰਜਾਬ ਮੋਰਚਾ ਦੇ ਨੁਮਾਇੰਦਿਆਂ ਗੌਰਵ ਰਾਣਾ, ਪਰਮਜੀਤ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਹੜ੍ਹਾਂ ਤੋਂ ਪਹਿਲਾਂ ਉਨ੍ਹਾਂ ਪ੍ਰਸ਼ਾਸਨ ਤੇ ਸਰਕਾਰ ਤੋਂ ਮਕਾਨਾਂ ਅਤੇ ਜ਼ਮੀਨਾਂ ਨੂੰ ਸੁਰੱਖਿਅਤ ਬਣਾਉਣ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਦੀ ਮੰਗ ਪੂਰੀ ਨਹੀਂ ਹੋਈ, ਜਿਸ ਕਾਰਨ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ।