ਪਟਿਆਲਾ ਵਿੱਚ ਭਗਵੰਤ ਮਾਨ ਦੀ ਪਤਨੀ ਦਾ ਜਬਰਦਸਤ ਸਵਾਗਤ

Tags

ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਦੇਵੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ 90 ਲੱਖ ਨਾਲ ਬਣਨ ਵਾਲੇ ਨਵੇਂ ਤੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਿਮਰਨਜੀਤ ਕੌਰ ਪਠਾਣਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਸੁਰਿੰਦਰ ਕੌਰ ਧੰਜੂ ਵੀ ਮੌਜੂਦ ਸਨ। ਇਸ ਮੌਕੇ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਿਨਾਂ ਨਵਾਂ ਬੱਸ ਅੱਡਾ ਪਾਸ ਕੀਤਿਆਂ ਪੁਰਾਣੇ ਬੱਸ ਅੱਡੇ ਨੂੰ ਢਾਹ ਦਿੱਤਾ ਗਿਆ ਸੀ, ਜਿਸ ਕਾਰਨ ਦੇਵੀਗੜ੍ਹ ਸਮੇਤ ਨੇੜਲੇ ਵਸਨੀਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਥੇ ਸਬ ਡਵੀਜ਼ਨ ਦੁਧਨਸਾਧਾਂ ਦੀ ਬਿਲਡਿੰਗ ਲਈ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਉਥੇ ਹੀ 90 ਲੱਖ ਰੁਪਏ ਦੇਵੀਗੜ੍ਹ ਦੇ ਨਵੇਂ ਬਣਨ ਵਾਲੇ ਬੱਸ ਅੱਡੇ ਲਈ ਦਿੱਤੇ ਗਏ ਹਨ ਜਿਸ ਦੀ ਪਹਿਲੀ ਕਿਸ਼ਤ 33 ਲੱਖ ਰੁਪਏ ਜਾਰੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਦੇਵੀਗੜ੍ਹ ਦੀ ਨੁਹਾਰ ਬਿਲਕੁਲ ਬਦਲ ਜਾਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਦੇਵੀਗੜ੍ਹ ਵਿੱਚ ਸੜ੍ਹਕਾਂ ਦੇ ਆਲੇ ਦੁਆਲੇ ਬਲਾਕ ਟਾਇਲਜ਼ ਸਮੇਤ ਕੈਮਰੇ, ਸਟਰੀਟ ਲਾਈਟਾਂ ਅਤੇ ਸਾਫ਼ ਸਫ਼ਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਬੱਸ ਅੱਡੇ ਵਿੱਚ ਸਵਾਰੀਆਂ ਲਈ ਲੋੜੀਦੀਆਂ ਸਾਰੀਆਂ ਸਹੂਲਤਾਂ ਮਿਲਣਗੀਆਂ।