ਪੁੱਤ ਦੀ ਲੜ੍ਹਾਈ ਤੋਂ ਬਾਅਦ ਸ਼ਰੇਆਮ ਸਾਬਕਾ ਉੱਪ ਮੁੱਖ ਮੰਤਰੀ ਨੇ ਮਾਰੀ ਲਲਕਾਰ

Tags

ਆਲ ਇੰਡੀਆ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਅਤੇ ਟਕਸਾਲੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿੱਚ ਚੱਲ ਰਹੀ ਖਿੱਚੋਤਾਣ ਨੂੰ ਪੰਜਾਬ ਲਈ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਨੂੰ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਸਮਝ ਕੇ ਰਾਜਪਾਲ ਦੇ ਅਹੁਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਹ ਅੱਜ ਰਾਜਗੁਰੂ ਨਗਰ ਸਥਿਤ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਰਿਹਾਇਸ਼ ਵਿੱਚ ਹੋਏ ਸਾਦਾ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ, ਜਿਸ ਵਿੱਚ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਬਣਨ ’ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਕੰਮ, ਕੁਰਬਾਨੀ ਅਤੇ ਸੀਨੀਆਰਤਾ ਨੂੰ ਅੱਖੋਂ ਪਰੋਖੇ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਅੱਜ ਭਾਰਤ ਦੇ ਲੋਕ ਦੇਸ਼ ਦਾ ਭਵਿੱਖ ਰਾਹੁਲ ਗਾਂਧੀ ਵਿੱਚ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਕਰਨੈਲ ਸਿੰਘ ਗਿੱਲ ਅਤੇ ਹੋਰ ਆਗੂਆਂ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਸ੍ਰੀ ਰੰਧਾਵਾ ਨੂੰ ਦਿੱਤੇ ਸਤਿਕਾਰ ਲਈ ਸੋਨੀਆ ਗਾਂਧੀ, ਮਲਿਕ ਅਰਜਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।