ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਟਕਰਾਅ ਵੱਧਦਾ ਜਾ ਰਿਹਾ ਹੈ। ਅੱਜ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਇਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਜੇਕਰ ਇਸ ਚਿੱਠੀ ਸਮੇਤ ਬਾਕੀ ਚਿੱਠੀਆਂ ਦਾ ਤੁਰੰਤ ਜਵਾਬ ਨਾ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਸੂਬੇ ਵਿਚ ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਰਾਜਪਾਲ ਨੇ ਚਿਤਾਵਨੀ ਦਿੰਦਿਆਂ ਇਹ ਵੀ ਕਿਹਾ ਕਿ ਸੰਵਿਧਾਨਕ ਤੰਤਰ ਫ਼ੇਲ੍ਹ ਹੋਣ ਦੀ ਰਿਪੋਰਟ ਵੀ ਉਨ੍ਹਾਂ ਵਲੋਂ ਭੇਜੀ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ। ਰਾਜਪਾਲ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਮੁ
ਖ ਮੰਤਰੀ ਦੇ ਇਸ ਵਿਵਹਾਰ ’ਤੇ ਉਨ੍ਹਾਂ ਕੋਲ ਕਾਨੂੰਨ ਅਤੇ ਸੰਵਿਧਾਨ ਮੁਤਾਬਕ ਕਾਰਵਾਈ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਬਚਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਹੈ ਕਿ ਜੇਕਰ ਉਨ੍ਹਾਂ ਨੇ ਗਵਰਨਰ ਹਾਊਸ ਦੇ ਪੱਤਰਾਂ ਦਾ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ। ਰਾਜਪਾਲ ਨੇ ਆਜ਼ਾਦੀ ਦਿਵਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ 4 ਪੰਨਿਆਂ ਦਾ ਇਹ ਪੱਤਰ ਭੇਜਿਆ ਹੈ। 15 ਅਗਸਤ ਨੂੰ ਲਿਖਿਆ ਗਿਆ ਇਹ ਪੱਤਰ ਹੁਣ ਸਾਹਮਣੇ ਆਇਆ ਹੈ।