ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੜ੍ਹਾਂ ਨਾਲ ਝੋਨਾ ਤਬਾਹ ਹੋਣ ਮਗਰੋਂ ਕਿਸਾਨਾਂ ਦੀ ਸਹਾਇਤਾ ਕਰਨ ਤੇ ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਹ ਕਰਨ ਮਗਰੋਂ ਆਮ ਆਦਮੀ ਪਾਰਟੀ ਸਰਕਾਰ ਹੁਣ ਵੱਡੇ-ਵੱਡੇ ਬਿਜਲੀ ਕੱਟ ਲਗਾ ਕੇ ਝੋਨੇ ਤੇ ਸਬਜ਼ੀਆਂ ਦੀ ਫਸਲ ਤਬਾਹ ਕਰਨ ’ਤੇ ਉਤਰੀ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੇ ਹਾਲਾਤ ਪ੍ਰਤੀ ਬੇਰੁਖੀ ਸਾਰੇ ਹੱਦ ਬੰਨੇ ਟੱਪ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਉਹੀ ਮੁੱਖ ਮੰਤਰੀ ਹੈ ਜੋ ਕਿਸਾਨਾਂ ਨੂੰ ਬਿਨਾਂ ਵਿਘਨ ਦੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰ ਰਿਹਾ ਸੀ। ਉਹਨਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ,
ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ 18 ਤੋਂ 20 ਘੰਟੇ ਦੇ ਬਿਜਲੀ ਕੱਟ ਲੱਗਣ ਦੀਆਂ ਸ਼ਿਕਾਇਤਾਂ ਕੀਤੀਆਂ ਹਨ ਜਿਸ ਕਾਰਨ ਉਹਨਾਂ ਦੀ ਝੋਨੇ ਤੇ ਸਬਜ਼ੀਆਂ ਦੀ ਫਸਲ ਬਰਬਾਦ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸਦੇ ਨਾਲ ਬਾਗਵਾਨੀ ਦਰੱਖਤ ਵੀ ਪ੍ਰਭਾਵਤ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਜ਼ਿਲ੍ਹਿਆਂ ਵਿੱਚ ਹਾਲਾਤ ਹੋਰ ਵਿਗੜ ਰਹੇ ਹਨ ਕਿਉਂਕਿ ਧੱਕੇ ਨਾਲ 700 ਲਿਫਟ ਸਿੰਜਾਈ ਪੰਪ ਬੰਦ ਕਰਵਾਏ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇੱਕ ਹਫਤੇ ਦੇ ਵਗਫੇ ਮਗਰੋ਼ ਲਿਫਟ ਪੰਪ ਚਲਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਜੋ ਅਜਿਹਾ ਨਹੀਂ ਕਰਦੇ, ਉਹਨਾਂ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਾਰੀ ਮਿਲੀ ਹੈ, ਉਹਨਾਂ ਨੂੰ ਲਿਫਟ ਪੰਪ ਵਰਤਣ ਤੋਂ ਰੋਕਿਆ ਜਾ ਰਿਹਾ ਹੈ ਤੇ ਇਹ ਹੁਕਮ ਪੁਲਿਸ ਲਾਗੂ ਕਰਵਾ ਰਹੀ ਹੈ।